ਫਿਰੋਜ਼ਪੁਰ, 5 ਜਨਵਰੀ 2022 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਅੱਜ 5 ਜਨਵਰੀ ਬੁੱਧਵਾਰ ਨੂੰ ਪਹਿਲੀ ਵਾਰ ਪੰਜਾਬ ਆਉਣਗੇ। ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕਰ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਲਈ ਕਮੇਟੀ ਨਹੀਂ ਬਣੀ ਅਤੇ ਕਿਸਾਨਾਂ ‘ਤੇ ਦਰਜ ਕੇਸ ਵਾਪਸ ਨਹੀਂ ਕੀਤੇ ਗਏ। ਮੋਦੀ ਦੀ ਅੱਜ ਹੋਣ ਵਾਲੀ ਰੈਲੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਕੱਲ੍ਹ ਤੋਂ ਹੀ ਫਿਰੋਜ਼ਪੁਰ- ਫਾਜ਼ਿਲਕਾ ਰੋਡ, ਫ਼ਿਰੋਜ਼ਪੁਰ- ਜ਼ੀਰਾ ਰੋਡ ਅਤੇ ਹੋਰ ਅਲੱਗ ਅਲੱਗ ਥਾਵਾਂ ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਜਿਸ ਤੋਂ ਬਾਅਦ ਦੇਰ ਰਾਤ ਪੁਲਿਸ ਪ੍ਰਸ਼ਾਸਨ ਨੇ ਦੇਰ ਰਾਤ ਹੀ ਕਿਸਾਨ ਜਥੇਬੰਦੀਆਂ ਨਾਲ ਬੀਜੇਪੀ ਆਗੂ ਗਜੇਂਦਰ ਸੇਖਾਵਤ ਨਾਲ ਮੁਲਾਕਾਤ ਕਰਾਈ। ਜਿਸ ਵਿੱਚ ਕੇਂਦਰੀ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀਆਂ ਕੁਝ ਮੰਗਾਂ ’ਤੇ ਜਲਦ ਹੀ ਫੈਸਲਾ ਲੈ ਲਿਆ ਜਾਏਗਾ ਅਤੇ ਕਿਸਾਨਾਂ ਨੂੰ ਇਕ ਚਿੱਠੀ ਵੀ ਦਿੱਤੀ ਜਿਸ ‘ਚ ਕਿਸਾਨਾਂ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ 15 ਮਾਰਚ ਦੀ ਫਿਕਸ ਕਰਕੇ ਦਿੱਤੀ ਗਈ ਹੈ ਤਾਂ ਕਿ ਕਿਸਾਨਾਂ ਦੀਆਂ ਮੰਗਾਂ ‘ਤੇ ਫ਼ੈਸਲਾ ਹੋ ਸਕੇ।

ਸਰਕਾਰ ਦਾ ਪੱਤਰ ਕਿਸਾਨਾਂ ਨੂੰ ਮਿਲਣ ਤੋਂ ਬਾਅਦ ਵਿਰੋਧ ਕਰਨ ਦਾ ਪ੍ਰੋਗਰਾਮ ਰੱਦ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਦਾ ਕਹਿਣਾ ਹੈ ਕਿ ਪੱਤਰ ਮਿਲਣ ‘ਤੇ ਕਿਸਾਨ ਆਗੂ ਅਗਲਾ ਪ੍ਰੋਗਰਾਮ ਤਹਿ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਅੱਜ 5 ਜਨਵਰੀ ਬੁੱਧਵਾਰ ਨੂੰ ਪਹਿਲੀ ਵਾਰ ਪੰਜਾਬ ਆਉਣਗੇ। ਉਹ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਸਮੇਤ 42,750 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਫਿਰੋਜ਼ਪੁਰ ਵਿੱਚ ਹੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਤੁਹਾਨੂੰ ਦੱਸ ਦਈਏ ਕਿ ਮੋਦੀ ਦੀ ਰੈਲੀ ਨਾਲ ਇਹ ਪੰਜਾਬ ਵਿੱਚ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਹੋਵੇਗੀ।












