ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਪੁੱਜੇ। ਕੇਂਦਰੀ ਸਿਹਤ ਮੰਤਰੀ ਡਾ. ਮਨਸੁੱਖ ਐਲ. ਮੰਡਵੀਆ ਨਾਲ ਇੱਕ ਅਹਿਮ ਮੁਲਾਕਾਤ ਕਰਕੇ ਪੰਜਾਬ ਦੇ ਸਿਹਤ ਨਾਲ ਸਬੰਧਤ ਮਸਲਿਆਂ ਬਾਬਤ ਵਿਸਥਾਰ ਵਿੱਚ ਗੱਲਬਾਤ ਕੀਤੀ।ਡਾ ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਨੂੰ ਪੰਜਾਬ ਦੀਆਂ ਸਿਹਤ ਬਾਰੇ ਮੰਗਾਂ ਦਾ ਇੱਕ ਵਿਸਥਾਰਤ ਮੰਗ ਪੱਤਰ ਸੌਂਪਿਆ ਅਤੇ ਜਾਣਕਾਰੀ ਦਿਤੀ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾ ਰਹੀ ਹੈ, ਜਿਸ ਵਾਸਤੇ ਕੇਂਦਰ ਸਰਕਾਰ ਆਪਣੀ ਬਣਦੀ ਜਿੰਮੇਵਾਰੀ ਨਿਭਾਵੇ, ਜਿਸ ‘ਤੇ ਕੇਂਦਰੀ ਸਿਹਤ ਮੰਤਰੀ ਨੇ ਹਾਂ ਪੱਖੀ ਹੁੰਗਾਰਾ ਦਿੱਤਾ।
ਉਨ੍ਹਾਂ ਨੇ ਆਮ ਆਦਮੀ ਕਲੀਨਿਕਾਂ ਬਾਰੇ ਦੱਸਦਿਆਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਕ੍ਰਿਟੀਕਲ ਕੇਅਰ ਬਲਾਕ ਅਤੇ ਸ਼ਹਿਰੀ ਤੇ ਦਿਹਾਤੀ ਖੇਤਰਾਂ ‘ਚ ਸਿਹਤ ਸੇਵਾਵਾਂ ਆਦਿ ਬਾਰੇ ਵੀ ਕੇਂਦਰੀ ਸਹਾਇਤਾ ਤੁਰੰਤ ਮੁਹਈਆ ਕਰਵਾਉਣ ਦੀ ਮੰਗ ਕੀਤੀ, ਇਨ੍ਹਾਂ ਸਾਰੀਆਂ ਮੰਗਾਂ ਬਾਬਤ ਕੇਂਦਰੀ ਸਿਹਤ ਮੰਤਰੀ ਨੇ ਜਲਦੀ ਕਰਵਾਈ ਕੀਤੇ ਜਾਣ ਦਾ ਵੀ ਭਰੋਸਾ ਦਿੱਤਾ।ਇਸ ਮੌਕੇ ਪਟਿਆਲਾ ਦੇ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਵੀ ਮੌਜੂਦ ਸਨ।












