ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ ਹੈ ਕਿ ਦੋ ਵਿਦਿਆਰਥਣਾਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਨਾਲ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਇਹ ਗੱਲ ਡੇਰਾ ਮੁਖੀ ਨੂੰ ਪੈਰੋਲ ਦੇਣ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪਟੀਸ਼ਨ ਦੇ ਜਵਾਬ ਵਿੱਚ ਕਹੀ ਹੈ, ਜਦਕਿ ਹਰਿਆਣਾ ਸਰਕਾਰ ਨੇ ਇਸ ਪਟੀਸ਼ਨ ਦਾ ਬਿਲਕੁਲ ਵੱਖਰਾ ਜਵਾਬ ਦਿੱਤਾ ਹੈ। ਹਰਿਆਣਾ ਸਰਕਾਰ ਨੇ ਰਾਮ ਰਹੀਮ ਸਿੰਘ ਨੂੰ ਪੈਰੋਲ ਦੇਣ ਦਾ ਪੱਖ ਪੂਰਦਿਆਂ ਕਿਹਾ ਸੀ ਕਿ ਉਹ ਕੱਟੜ ਕੈਦੀ ਦੀ ਪਰਿਭਾਸ਼ਾ ਵਿਚ ਨਹੀਂ ਆਉਂਦਾ ਅਤੇ ਉਸ ਨੂੰ ਸੀਰੀਅਲ ਕਿਲਰ ਨਹੀਂ ਕਿਹਾ ਜਾ ਸਕਦਾ। ਡੇਰਾ ਮੁਖੀ ਨੂੰ 20 ਜਨਵਰੀ ਨੂੰ 40 ਦਿਨਾਂ ਲਈ ਪੈਰੋਲ ਮਿਲੀ ਸੀ। ਸ਼੍ਰੋਮਣੀ ਕਮੇਟੀ ਨੇ ਹਾਲ ਹੀ ਵਿੱਚ ਪੈਰੋਲ ਦੇ ਹੁਕਮ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਪੰਜਾਬ ਸਰਕਾਰ ਨੇ 2017 ਵਿੱਚ ਹਰਿਆਣਾ ਦੀ ਪੰਚਕੂਲਾ ਅਦਾਲਤ ਵੱਲੋਂ ਬਲਾਤਕਾਰ ਦੇ ਇੱਕ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਡੇਰਾ ਮੁਖੀ ਦੇ ਪੈਰੋਕਾਰਾਂ ਵੱਲੋਂ ਪੈਦਾ ਹੋਏ ਰੋਹ ਨੂੰ ਇਸ ਦੇ ਜਵਾਬ ਪਿੱਛੇ ਤਰਕ ਵਜੋਂ ਦੱਸਿਆ। ਉਸ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਸਮਾਜ ਦੇ ਕੁਝ ਵਰਗ ਡੇਰਾ ਮੁਖੀ ਨੂੰ ਦਿੱਤੀ ਗਈ ਆਰਜ਼ੀ ਪੈਰੋਲ ਦੀ ਤੁਲਨਾ ਉਨ੍ਹਾਂ ਲੋਕਾਂ ਨਾਲ ਕਰ ਸਕਦੇ ਹਨ ਜੋ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਹਨ। ਸ਼੍ਰੋਮਣੀ ਕਮੇਟੀ ਸਮੇਤ ਕਈ ਸਿੱਖ ਜਥੇਬੰਦੀਆਂ ਨੇ ‘ਸਿੱਖ ਕੈਦੀਆਂ’ ਦੀ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਵਿਅਕਤੀਆਂ ਨੂੰ ਸਜ਼ਾ ਪੂਰੀ ਹੋਣ ਦੇ ਬਾਵਜੂਦ ਜੇਲ੍ਹ ਵਿੱਚ ਬੰਦ ਰੱਖਿਆ ਗਿਆ ਹੈ। ਪੰਜਾਬ ਸਰਕਾਰ ਦੇ ਅਨੁਸਾਰ, ਰਾਮ ਰਹੀਮ ਸਿੰਘ ਨੂੰ ਪੈਰੋਲ ਦੇਣ ਨਾਲ ਇੱਕ ਵਿਸ਼ੇਸ਼ ਧਾਰਮਿਕ ਭਾਈਚਾਰੇ ਵਿੱਚ ਅਸੰਤੁਸ਼ਟੀ ਪੈਦਾ ਹੋਈ ਹੈ ਅਤੇ ਡੇਰਾ ਪੈਰੋਕਾਰਾਂ ਵਿੱਚ “ਜਸ਼ਨ ਦਾ ਮਾਹੌਲ” ਪੈਦਾ ਹੋਇਆ ਹੈ, ਜਿਸ ਨਾਲ ਸਮਾਜ ਦੇ ਕੁਝ ਵਰਗਾਂ ਵਿੱਚ ਗੁੱਸਾ ਹੈ।












