ਕਰਨਾਟਕ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪ੍ਰਵੀਨ ਸੂਦ ਨੂੰ ਭਾਰਤ ਸਰਕਾਰ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦਾ ਡਾਇਰੈਕਟਰ ਨਿਯੁਕਤ ਕੀਤਾ ਹੈ। ਕਰਨਾਟਕ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪ੍ਰਵੀਨ ਸੂਦ ਨੂੰ ਐਤਵਾਰ ਨੂੰ ਦੋ ਸਾਲਾਂ ਦੀ ਮਿਆਦ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦਾ ਅਗਲਾ ਡਾਇਰੈਕਟਰ ਨਿਯੁਕਤ ਕੀਤਾ ਗਿਆ। ਉਹ 25 ਮਈ ਨੂੰ ਸੁਬੋਧ ਕੁਮਾਰ ਜੈਸਵਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਅਹੁਦਾ ਸੰਭਾਲਣਗੇ।
ਸੂਦ 1986 ਬੈਚ ਦੇ ਆਈਪੀਐਸ ਅਧਿਕਾਰੀ ਹਨ। ਸੂਦ ਮਾਰਚ ਵਿੱਚ ਉਦੋਂ ਸੁਰਖੀਆਂ ਵਿੱਚ ਆਏ ਜਦੋਂ ਕਰਨਾਟਕ ਕਾਂਗਰਸ ਦੇ ਮੁਖੀ ਡੀਕੇ ਸ਼ਿਵਕੁਮਾਰ ਨੇ ਉਨ੍ਹਾਂ ਉੱਤੇ ਰਾਜ ਵਿੱਚ ਭਾਜਪਾ ਸਰਕਾਰ ਦਾ ਸਮਰਥਨ ਕਰਨ ਦਾ ਦੋਸ਼ ਲਾਇਆ। ਸ਼ਿਵਕੁਮਾਰ ਨੇ ਸੂਬੇ ਦੇ ਪੁਲਿਸ ਡਾਇਰੈਕਟਰ ਜਨਰਲ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਦਾਅਵਾ ਕੀਤਾ ਸੀ ਕਿ ਉਹ ਕਾਂਗਰਸੀ ਆਗੂਆਂ ਖ਼ਿਲਾਫ਼ ਕੇਸ ਦਰਜ ਕਰ ਰਹੇ ਹਨ।
ਸ਼ਨੀਵਾਰ ਨੂੰ ਸੀਬੀਆਈ ਮੁਖੀ ਦੇ ਅਹੁਦੇ ਲਈ ਚੋਣ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਤਿੰਨ ਨਾਵਾਂ ਨੂੰ ਸ਼ਾਰਟਲਿਸਟ ਕੀਤਾ ਗਿਆ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ, ਚੀਫ਼ ਜਸਟਿਸ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹੋਏ। ਇਸ ਵਿੱਚ ਪ੍ਰਵੀਨ ਸੂਦ ਤੋਂ ਇਲਾਵਾ ਮੱਧ ਪ੍ਰਦੇਸ਼ ਦੇ ਡੀਜੀਪੀ ਸੁਧੀਰ ਸਕਸੈਨਾ ਅਤੇ ਸੀਨੀਅਰ ਆਈਪੀਐਸ ਤਾਜ ਹਸਨ ਦੇ ਨਾਂ ਸ਼ਾਰਟਲਿਸਟ ਕੀਤੇ ਗਏ ਸਨ।












