ਪੰਜਾਬ ਦੇ ਫਰੀਦਕੋਟ ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਦੋਸ਼ੀ ਅਤੇ ਸਾਜ਼ਿਸ਼ਕਰਤਾ ਸੰਦੀਪ ਬਰੇਟਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਹ ਡੇਰਾ ਸੱਚਾ ਸੌਦਾ ਸਿਰਸਾ ਦੀ ਕੌਮੀ ਕਮੇਟੀ ਦਾ ਮੈਂਬਰ ਹੈ।ਬਰਗਾੜੀ ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ਵਿੱਚ ਨਾਮਜਦ ਹੈ। ਦੱਸ ਦਈਏ ਕਿ ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਸਮੇਤ ਦੋ ਹੋਰ ਕਮੇਟੀ ਮੈਂਬਰਾਂ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਐਲਾਨਿਆ ਹੋਇਆ ਸੀ। ਫ਼ਰੀਦਕੋਟ ਜ਼ਿਲ੍ਹੇ ਦੀ ਪੁਲਿਸ ਟੀਮ ਬੰਗਲੌਰ ਲਈ ਰਵਾਨਾ ਹੋ ਗਈ ਹੈ।
ਜਿਕਰਯੋਗ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨੋਂ ਘਟਨਾਵਾਂ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਨੇ ਰਾਮ ਰਹੀਮ ਅਤੇ ਹੋਰ ਡੇਰਾ ਪੈਰੋਕਾਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਚੁੱਕੀ ਹੈ ਅਤੇ ਇਨ੍ਹੀਂ ਦਿਨੀਂ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ। ਪਰ ਸੁਪਰੀਮ ਕੋਰਟ ਨੇ ਮੁਲਜ਼ਮ ਡੇਰਾ ਪੈਰੋਕਾਰਾਂ ਦੀ ਪਟੀਸ਼ਨ ‘ਤੇ ਤਿੰਨੋਂ ਕੇਸ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੇ।
ਦੱਸ ਦਈਏ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ, ਜਿਨ੍ਹਾਂ ਨੂੰ ਪੁਲੀਸ ਨੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਬਲ ਦਾ ਪ੍ਰਯੋਗ ਕੀਤਾ। ਬਹਿਬਲ ਕਲਾਂ ਵਿੱਚ ਪੁਲਿਸ ਨੇ ਗੋਲੀਬਾਰੀ ਵੀ ਕੀਤੀ, ਜਿਸ ਵਿੱਚ 2 ਸਿੱਖ ਨੌਜਵਾਨ ਸ਼ਹੀਦ ਹੋ ਗਏ। ਕੋਟਕਪੂਰਾ ਵਿੱਚ ਵੀ ਗੋਲੀਬਾਰੀ ਹੋਈ, ਜਿਸ ਵਿੱਚ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਪੁਲਸ ਨੇ 7 ਅਗਸਤ 2018 ਨੂੰ ਅਣਪਛਾਤੇ ਵਿਅਕਤੀਆਂ ਖਿਲਾਫ ਇਰਾਦਾ-ਏ- ਕਤਲ ਦਾ ਮਾਮਲਾ ਦਰਜ ਕੀਤਾ ਸੀ। ਇਸ ਤੋਂ ਇਲਾਵਾ 1 ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਪਵਿੱਤਰ ਸਰੂਪ ਚੋਰੀ ਹੋਣ ਦੀ ਘਟਨਾ ਵਿੱਚ ਐਸਆਈਟੀ ਨੇ ਡੇਰਾ ਸੱਚਾ ਸੌਦਾ ਦੇ 7 ਪੈਰੋਕਾਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿਚ ਰਾਮ ਰਹੀਮ, ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਵੀ ਬੇਅਦਬੀ ਦੀ ਸਾਜ਼ਿਸ਼ ਦੇ ਦੋਸ਼ਾਂ ਵਿਚ ਨਾਮਜ਼ਦ ਕੀਤਾ ਗਿਆ ਸੀ।












