ਪੰਜਾਬ ਦੇ ਪਟਿਆਲਾ ਵਿੱਚ ਪੁਲਿਸ ਨੇ ਲੋਕਾਂ ਨੂੰ ਲੁੱਟਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਗਰੋਹ ਦੇ 12 ਮੈਂਬਰਾਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਕਈ ਹਥਿਆਰ ਬਰਾਮਦ ਹੋਏ ਹਨ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 12 ਬੋਰ ਦੀ ਰਾਈਫਲ, 315 ਬੋਰ ਦਾ ਪਿਸਤੌਲ, 14 ਚੋਰੀ ਦੇ ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ। ਮੁਢਲੀ ਪੁੱਛਗਿੱਛ ‘ਚ ਦੋਸ਼ੀਆਂ ਨੇ ਲੁੱਟ, ਖੋਹ ਅਤੇ ਚੋਰੀ ਦੀਆਂ 30 ਦੇ ਕਰੀਬ ਵਾਰਦਾਤਾਂ ਦਾ ਖੁਲਾਸਾ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਮਨਜੀਤ ਮੋਨੂੰ, ਜਸਪਿੰਦਰ ਸਿੰਘ, ਹੈਪੀ ਧੀਮਾਨ, ਸਹਿਜਪ੍ਰੀਤ ਸਿੰਘ, ਕਰਨਵੀਰ ਸਿੰਘ, ਗੋਪਾਲ ਸਿੰਘ, ਜਸਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਵੀ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਡਕੈਤੀ ਆਦਿ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਸਨ। ਸੀਆਈਏ ਪਟਿਆਲਾ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਦੋ ਵੱਖ-ਵੱਖ ਕੇਸ ਦਰਜ ਕੀਤੇ ਹਨ।
ਪੁਲਸ ਨੇ ਦੱਸਿਆ ਕਿ ਸਾਰੇ ਦੋਸ਼ੀ ਜ਼ਿਆਦਾ ਪੜ੍ਹੇ-ਲਿਖੇ ਨਹੀਂ ਹਨ। ਇਸ ਗਿਰੋਹ ਨੇ ਪਿਛਲੇ ਕਰੀਬ 4 ਮਹੀਨਿਆਂ ‘ਚ ਪਟਿਆਲਾ ‘ਚ ਕਈ ਥਾਵਾਂ ‘ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਪੁਲੀਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਲ ਕਰੇਗੀ। ਜਾਂਚ ਟੀਮ ਨੇ ਮੁਲਜ਼ਮਾਂ ਕੋਲੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਜਤਾਈ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਨੇ 28 ਮਈ ਦੀ ਦੇਰ ਰਾਤ ਨੂੰ ਪਟਿਆਲਾ-ਰਾਜਪੁਰਾ ਰੋਡ ’ਤੇ ਪਟਿਆਲਾ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੂੰ ਵੀ ਲੁੱਟ ਲਿਆ ਸੀ। ਮੁਲਜ਼ਮਾਂ ਦੇ ਫੜੇ ਜਾਣ ਤੋਂ ਬਾਅਦ ਇਹ ਮਾਮਲਾ ਵੀ ਹੱਲ ਹੋ ਗਿਆ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀ ਰਾਹਗੀਰਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਸਨ, ਜੋ ਦੇਰ ਰਾਤ ਹਨੇਰੇ ‘ਚ ਸੁੰਨਸਾਨ ਥਾਵਾਂ ‘ਤੇ ਘੁੰਮਦੇ ਰਹਿੰਦੇ ਸਨ।












