ਚੰਡੀਗੜ੍ਹ, 13 ਅਗਸਤ 2023 – ਭਾਰਤੀ ਹਾਕੀ ਟੀਮ ਨੇ ਏਸ਼ਿਆਈ ਚੈਂਪੀਅਨਸ਼ਿਪ ਦਾ ਫਾਈਨਲ ਮੈਚ 4-3 ਨਾਲ ਜਿੱਤ ਕੇ ਟਰਾਫੀ ’ਤੇ ਕਬਜ਼ਾ ਕੀਤਾ। ਇਸ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ- ਮਾਣ ਹੈ ਕਿ ਟੀਮ ਵਿੱਚ ਚੰਗੀ ਖੇਡ ਦਿਖਾਉਣ ਵਾਲੇ ਜ਼ਿਆਦਾਤਰ ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ- ‘ਚੱਕ ਦੇ ਇੰਡੀਆ’।
ਸੀਐਮ ਮਾਨ ਨੇ ਪੂਰੀ ਟੀਮ ਅਤੇ ਕੋਚ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਭਾਰਤੀ ਹਾਕੀ ਟੀਮ ਨੂੰ ਰਿਕਾਰਡ ਚੌਥੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ‘ਤੇ ਵਧਾਈ ਦਿੱਤੀ ਹੈ। ਮਾਨ ਨੇ ਕਿਹਾ ਕਿ ਚੇਨਈ ‘ਚ ਖੇਡੇ ਗਏ ਫਾਈਨਲ ਮੈਚ ‘ਚ ਭਾਰਤੀ ਟੀਮ ਪਹਿਲਾਂ 1-3 ਨਾਲ ਪਿੱਛੇ ਸੀ। ਪਰ ਫਿਰ ਜ਼ਬਰਦਸਤ ਵਾਪਸੀ ਕਰਦੇ ਹੋਏ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਖਿਤਾਬ ਜਿੱਤ ਲਿਆ।
ਭਾਰਤੀ ਟੀਮ ਲਈ ਕਪਤਾਨ ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਗੁਰਜੰਟ ਸਿੰਘ ਅਤੇ ਜੁਗਰਾਜ ਸਿੰਘ ਨੇ ਗੋਲ ਕੀਤੇ। ਪੂਰੇ ਟੂਰਨਾਮੈਂਟ ਵਿੱਚ ਭਾਰਤੀ ਟੀਮ ਜੇਤੂ ਰਹੀ। ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਹ ਸਮੁੱਚੀ ਟੀਮ ਦੇ ਸਾਂਝੇ ਯਤਨਾਂ ਦੀ ਜਿੱਤ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਟੀਮ ਦੀ ਇਹ ਜਿੱਤ ਦਾ ਸਿਲਸਿਲਾ ਇਸ ਸਾਲ ਏਸ਼ੀਆਈ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਉਲੰਪਿਕ ਖੇਡਾਂ ਤੱਕ ਜਾਰੀ ਰਹੇਗਾ।












