ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ.ਨਗਰ ਦੀਆਂ ਹਦਾਇਤਾਂ ‘ਤੇ 9 ਸਤੰਬਰ ਨੂੰ ਗੁਰਦਾਸਪੁਰ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ 138 ਐਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ ਅਤੇ ਕਮੇਟੀ ਹਾਊਸ ਦੇ ਹੋਰ ਕੇਸ ਜਿਵੇਂ ਸੀਵਰੇਜ, ਵਾਟਰ ਸਪਲਾਈ , ਹਾਊਸ ਟੈਕਸ, ਸਾਈਟ ਪਲਾਨ ਆਦਿ, ਸਾਰੇ ਕਿਸਮ ਦੇ ਸਿਵਲ ਕੇਸ, ਛੋਟੇ ਅਪਰਾਧ, ਵਿਆਹ ਸੰਬੰਧੀ ਝਗੜੇ, MACT (ਮੋਟਰ ਦੁਰਘਟਨਾ) ਕੇਸ, ਬੀਮਾ ਦਾਅਵੇ ਦੇ ਕੇਸਾਂ ਦਾ ਵੀ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਸ ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਝਗੜੇ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨਾ ਚਾਹੁੰਦਾ ਹੈ ਤਾਂ ਉਹ ਆਪਣਾ ਪੱਤਰ ਸਬੰਧਤ ਅਦਾਲਤ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਦੇ ਸਕਦਾ ਹੈ। ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮੁੱਦਿਆਂ ਨੂੰ ਕਿਸੇ ਵੀ ਅਦਾਲਤ ਵਿੱਚ ਅੱਗੇ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਕੇਸ ਦਾ ਫੈਸਲਾ ਅੰਤਿਮ ਹੁੰਦਾ ਹੈ।












