ਕਾਂਗਰਸ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਉਹ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਲੰਗਰ ਹਾਲ ਵਿੱਚ ਬਰਤਨ ਤੇ ਜੋੜਾ ਘਰ ਵਿੱਚ ਸੇਵਾ ਕਰਨਗੇ। ਇਸ ਦੌਰੇ ਨੂੰ ਨਿੱਜੀ ਰੱਖਿਆ ਗਿਆ ਹੈ। ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਾਂਗਰਸੀ ਆਗੂ ਉਨ੍ਹਾਂ ਦਾ ਸਵਾਗਤ ਕਰਨ ਆਦਿ ਲਈ ਨਹੀਂ ਪੁੱਜੇ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਰਾਹੁਲ ਗਾਂਧੀ ਦੇ ਅੰਮ੍ਰਿਤਸਰ ਆਉਣ ‘ਤੇ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ “ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਅੰਮ੍ਰਿਤਸਰ ਸਾਹਿਬ ਆ ਰਹੇ ਹਨ। ਇਹ ਉਨ੍ਹਾਂ ਦੀ ਨਿੱਜੀ, ਅਧਿਆਤਮਿਕ ਫੇਰੀ ਹੈ, ਆਓ ਉਨ੍ਹਾਂ ਦੀ ਨਿੱਜਤਾ ਦਾ ਸਤਿਕਾਰ ਕਰੀਏ। ਸਾਰੇ ਪਾਰਟੀ ਵਰਕਰਾਂ ਨੂੰ ਬੇਨਤੀ ਹੈ ਕਿ ਇਸ ਫੇਰੀ ਲਈ ਸਰੀਰਕ ਤੌਰ ‘ਤੇ ਹਾਜ਼ਰ ਨਾ ਹੋਣ, ਤੁਸੀਂ ਸਾਰੇ ਆਪਣਾ ਸਮਰਥਨ ਦਿਖਾ ਸਕਦੇ ਹੋ ਅਤੇ ਅਗਲੀ ਵਾਰ ਉਨ੍ਹਾਂ ਨੂੰ ਮਿਲ ਸਕਦੇ ਹੋ।”












