ਚੰਡੀਗੜ੍ਹ : ਅਕਾਲੀ ਦਲ ਆਗੂ ਬਿਕਰਮ ਮਜੀਠੀਆ ਵੱਲੋਂ ਲਾਏ ਗਏ ਇਲਜ਼ਾਮਾਂ ‘ਤੇ ਮੁੱਖਮੰਤਰੀ ਚੰਨੀ ਨੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ -“ਮੈਂ ਆਪਣੇ ਭਤੀਜੇ ਭੁਪਿੰਦਰ ਸਿੰਘ ਹਨੀ ਨਾਲ ਆਪਣੇ ਸੰਬੰਧਾਂ ਤੋਂ ਕਦੇ ਇਨਕਾਰ ਨਹੀਂ ਕੀਤਾ ਅਤੇ ਰਿਸ਼ਤੇਦਾਰ ਹੋਣ ਦੇ ਨਾਤੇ ਉਹ ਮੇਰੇ ਕਿਸੇ ਸਮਾਗਮ ਵਿੱਚ ਹਾਜ਼ਰ ਹੋ ਸਕਦਾ ਹੈ। ਜੇ ਮੈਂ ਆਪਣੇ ਪੁੱਤਰ ਦੇ ਵਿਆਹ ਜਾਂ ਕਿਸੇ ਹੋਰ ਸਮਾਗਮ ਵਿੱਚ ਆਪਣੇ ਰਿਸ਼ਤੇਦਾਰਾਂ ਨਾਲ ਫੋਟੋ ਖਿਚਵਾਉਂਦਾ ਹਾਂ ਤਾਂ ਇਹ ਕੋਈ ਜ਼ੁਰਮ ਨਹੀਂ ਹੈ।”
ਮਜੀਠੀਆ ‘ਤੇ ਵਰ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਜੀਠੀਆ ਭਾਜਪਾ ਸਰਕਾਰ ਦੀਆਂ ਧੁਨਾਂ ‘ਤੇ ਨੱਚ ਰਿਹਾ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਤਹਿਤ ਕੇਸ ਦਰਜ ਕਰਨ ਦਾ ਬਦਲਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ ਜਿਸਦਾ ਕਿ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ, ਜੋ ਕਿ ਅਕਾਲੀ-ਭਾਜਪਾ ਨਾਲ ਗੱਠਜੋੜ ਵਿੱਚ ਹੈ, ਗੁਨਾਹਾਂ ‘ਤੇ ਪਰਦਾ ਪਾ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਮਜੀਠੀਆ, ਜਿਸ ਨੇ 10 ਸਾਲਾਂ ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਤਬਾਹ ਕੀਤਾ, ਹੁਣ ਉਸਦੀ ਇਮਾਨਦਾਰੀ ‘ਤੇ ਸਵਾਲ ਕਰ ਰਿਹਾ ਹੈ, ਇਹ ਬਹੁਤ ਹੀ ਹਾਸੋਹੀਣੀ ਗੱਲ ਹੈ ਤੇ ਪੰਜਾਬ ਨੂੰ ਤਬਾਹ ਕਰਨ ਵਾਲਿਆਂ ਨੂੰ ਮੇਰੀ ਇਮਾਨਦਾਰੀ ‘ਤੇ ਸਵਾਲ ਚੁੱਕਣ ਦਾ ਕੋਈ ਹੱਕ ਨਹੀਂ”











