ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ਨੂੰ ਲੈ ਕੇ ਉਨ੍ਹਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਮੁਸਤਫ਼ਾ ਦੀ ਇਕ ਵਿਵਾਦਤ ਵੀਡੀਓ ਸਾਹਮਣੇ ਆਈ ਸੀ। ਜਿਸ ਵਿੱਚ ਉਹ ਕਹਿ ਰਹੇ ਸਨ ਕਿ ਜੇਕਰ ਹਿੰਦੂਆਂ ਨੂੰ ਉਨ੍ਹਾਂ ਦੇ ਜਲੂਸ ਦੇ ਬਰਾਬਰ ਦੀ ਇਜਾਜ਼ਤ ਦਿੱਤੀ ਗਈ ਤਾਂ ਮੈਂ ਅਜਿਹੀ ਸਥਿਤੀ ਪੈਦਾ ਕਰ ਦਿਆਂਗਾ ਕਿ ਸੰਭਾਲਣਾ ਮੁਸ਼ਕਲ ਹੋ ਜਾਵੇਗਾ।



ਜਿਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਉਨ੍ਹਾਂ ‘ਤੇ ਨਿਸ਼ਾਨਾ ਵਿੰਨ੍ਹਿਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੁਸਤਫ਼ਾ ਨੇ ਸਫਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਹਰ ਗੱਲ ‘ਚ ਹਿੰਦੂ-ਮੁਸਲਿਮ ਨਹੀਂ ਬਣਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੈਂ ਫਿਤਨੋ ਸ਼ਬਦ ਦੀ ਵਰਤੋਂ ਕੀਤੀ ਹੈ, ਜੋ ਸਾਡੇ ਸਮਾਜ ਵਿੱਚ ਆਮ ਵਰਤਿਆ ਜਾਂਦਾ ਹੈ। ਇਸ ਵਿੱਚ ਹਿੰਦੂ-ਮੁਸਲਿਮ ਦੀ ਕੋਈ ਗੱਲ ਨਹੀਂ ਹੈ। ਮੇਰਾ ਗੁੱਸਾ ਝਾੜੂ ਵਾਲਿਆਂ ‘ਤੇ ਸੀ ਜੋ ਸ਼ਰਾਰਤ ਕਰ ਰਹੇ ਸਨ। ਮੁਸਤਫਾ ਨੇ ਕਿਹਾ ਕਿ ਮੈਨੂੰ ਕਿਸੇ ਤੋਂ ਰਾਸ਼ਟਰਵਾਦੀ ਹੋਣ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਮੈਂ ਲੰਬੇ ਸਮੇਂ ਤੋਂ ਦੇਸ਼ ਦੇ ਦੁਸ਼ਮਣਾਂ ਅਤੇ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨ ਵਾਲਿਆਂ ਨਾਲ ਲੜ ਰਿਹਾ ਹਾਂ।












