ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਸੁਨਾਮ ਅਦਾਲਤ ਨੇ ਪਰਿਵਾਰਕ ਝਗੜੇ ਦੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਅੱਠ ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ 2008 ਵਿੱਚ ਦਰਜ ਹੋਇਆ ਸੀ। ਅਦਾਲਤ ਨੇ ਇਸ ਮਾਮਲੇ ‘ਚ ਦੋਸ਼ੀਆਂ ‘ਤੇ ਜੁਰਮਾਨਾ ਵੀ ਲਗਾਇਆ ਹੈ।
ਇਸਤੋਂ ਇਲਾਵਾ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਵੀ ਸਜ਼ਾ ਭੁਗਤਣ ਵਾਲਿਆਂ ਵਿੱਚ ਸ਼ਾਮਿਲ ਹਨ।
ਦੱਸ ਦਈਏ ਕਿ ਮੰਤਰੀ ਅਮਨ ਅਰੋੜਾ ਦੇ ਜੀਜੇ ਰਜਿੰਦਰ ਦੀਪਾ ਨੇ 2008 ਵਿੱਚ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਦੀਪਾ ਨੇ ਦੋਸ਼ ਲਾਇਆ ਸੀ ਕਿ ਅਮਨ ਅਰੋੜਾ ਤੇ ਉਸ ਦੇ ਸਾਥੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ’ਤੇ ਹਮਲਾ ਕੀਤਾ ਸੀ। ਉਸ ਸਮੇਂ ਅਮਨ ਅਰੋੜਾ ਅਤੇ ਰਜਿੰਦਰ ਦੀਪਾ ਦੋਵੇਂ ਕਾਂਗਰਸ ਵਿੱਚ ਸਨ। ਦੋਵਾਂ ਵਿਚਾਲੇ ਸਿਆਸੀ ਖਿੱਚੋਤਾਣ ਸਿਖਰ ‘ਤੇ ਸੀ।












