ਭਾਰਤ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸੱਜੇ ਹੱਥ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਗੋਲਡੀ ਬਰਾੜ ਪੰਜਾਬ ਵਿੱਚ ਸਰਹੱਦ ਪਾਰ ਤੋਂ ਟਾਰਗੇਟ ਕਿਲਿੰਗ, ਜਬਰਨ ਵਸੂਲੀ ਦੇ ਨਾਲ-ਨਾਲ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਿਲ ਹੈ। ਗੋਲਡੀ ਬਰਾੜ ‘ਤੇ ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਦੇ ਨਾਲ ਯੂਏਪੀਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
29 ਮਈ 2022 ਨੂੰ ਕੈਨੇਡਾ ‘ਚ ਬੈਠੇ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੋਲਡੀ ਬਰਾੜ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਅੱਤਵਾਦੀ ਐਲਾਨਿਆ ਹੋਇਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਸੋਮਵਾਰ ਨੂੰ ਜਾਰੀ ਕੀਤਾ ਗਿਆ। ਜਿਸ ਵਿਚ ਕਿਹਾ ਗਿਆ ਹੈ ਕਿ ਗੋਲਡੀ ਬਰਾੜ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜਿਆ ਹੋਇਆ ਹੈ ਅਤੇ ਅੱਤਵਾਦੀ ਸਾਜ਼ਿਸ਼ਾਂ ਵਿਚ ਸ਼ਾਮਿਲ ਹੈ।
ਕੈਨੇਡਾ ਵਿੱਚ ਬੈਠ ਕੇ ਗੋਲਡੀ ਬਰਾੜ ਹੁਣ ਤੱਕ ਪੰਜਾਬ, ਹਰਿਆਣਾ, ਹਿਮਾਚਲ, ਐਨਸੀਆਰ ਅਤੇ ਰਾਜਸਥਾਨ ਵਿੱਚ ਲਾਰੈਂਸ ਦਾ ਨੈੱਟਵਰਕ ਚਲਾ ਰਿਹਾ ਸੀ। ਲਾਰੈਂਸ ਦੇ ਜੇਲ੍ਹ ਵਿੱਚ ਹੋਣ ਤੋਂ ਬਾਅਦ ਉਸ ਨੇ ਗੈਂਗ ਨੂੰ ਮਜ਼ਬੂਤ ਕੀਤਾ। ਜਿਸ ਤੋਂ ਬਾਅਦ ਗੋਲਡੀ ਦਾ ਨਾਂ ਫਿਰੌਤੀ, ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲਿਆਂ ‘ਚ ਸਾਹਮਣੇ ਆਉਣ ਲੱਗਾ। ਇਸ ਦੇ ਨਾਲ ਹੀ ਗੋਲਡੀ ਨੇ ਪੰਜਾਬ ਵਿੱਚ ਹਥਿਆਰਾਂ ਦੀ ਸਪਲਾਈ ਚੇਨ ਬਣਾਉਣੀ ਸ਼ੁਰੂ ਕਰ ਦਿੱਤੀ। ਹਾਲ ਹੀ ਵਿੱਚ ਗੋਲਡੀ ਦੇ ਕਈ ਸਾਥੀ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਫੜੇ ਗਏ ਸਨ, ਜੋ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਿਲ ਸਨ।












