ਚੰਡੀਗੜ੍ਹ ‘ਚ ਭਾਜਪਾ ਨੇ ਵੱਡਾ ਫੈਸਲਾ ਲਿਆ ਹੈ। ਭਾਜਪਾ ਨੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੂੰ ਘੱਟ ਗਿਣਤੀ ਸੈੱਲ ਤੋਂ ਹਟਾ ਦਿੱਤਾ ਹੈ, ਜਿਸ ‘ਤੇ ਬੈਲਟ ਪੇਪਰਾਂ ‘ਚ ਗੜਬੜੀ ਦਾ ਦੋਸ਼ ਸੀ। ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਗਿਆ ਹੈ ਜਦੋਂ ਵੋਟ ਰੱਦ ਕਰਨ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ।
ਸੁਪਰੀਮ ਕੋਰਟ ਵੱਲੋਂ ਕਿਹਾ ਗਿਆ ਸੀ ਕਿ ਉਹ ਕਿਸੇ ਵੀ ਹਾਲਤ ਵਿੱਚ ਲੋਕਤੰਤਰ ਦਾ ਕਤਲ ਨਹੀਂ ਹੋਣ ਦੇਵੇਗੀ ਜਿਸ ਤੋਂ ਬਾਅਦ ਅਨਿਲ ਮਸੀਹ ਨੂੰ 19 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ।
ਇੰਡੀਅਨ ਐਕਸਪ੍ਰੈਸ ਦੀ ਇਕ ਰਿਪੋਰਟ ਮੁਤਾਬਕ ਭਾਜਪਾ ਵੱਲੋਂ ਐਤਵਾਰ ਦੇਰ ਸ਼ਾਮ ਜਾਰੀ ਕੀਤੀ ਗਈ ਸੂਚੀ ਵਿਚ ਅਨਿਲ ਮਸੀਹ ਦਾ ਨਾਂ ਗਾਇਬ ਪਾਇਆ ਗਿਆ। ਅਨਿਲ ਮਸੀਹ 2021 ਤੋਂ ਚੰਡੀਗੜ੍ਹ ਭਾਜਪਾ ਦੇ ਘੱਟ ਗਿਣਤੀ ਸੈੱਲ ਦੇ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ। ਹੁਣ ਉਨ੍ਹਾਂ ਦੀ ਥਾਂ ਭਾਜਪਾ ਦੇ ਨਵੇਂ ਘੱਟ ਗਿਣਤੀ ਸੈੱਲ ਵਿੱਚ ਜਨਰਲ ਸਕੱਤਰ ਦਾ ਅਹੁਦਾ ਇਸਤੇਖਾਰ ਅਹਿਮਦ ਨੂੰ ਦਿੱਤਾ ਗਿਆ ਹੈ।
ਦੱਸ ਦਈਏ ਕਿ ਅਨਿਲ ਮਸੀਹ ‘ਤੇ ਵਿਰੋਧੀ ਪਾਰਟੀਆਂ ਨੇ ਭਾਜਪਾ ਦੇ ਨਿਰਦੇਸ਼ਾਂ ‘ਤੇ ਬੈਲਟ ਪੇਪਰਾਂ ਨੂੰ ਨਸ਼ਟ ਕਰਨ ਦਾ ਦੋਸ਼ ਲਗਾਇਆ ਹੈ। ਜਿਸ ਤੋਂ ਬਾਅਦ ਹੁਣ ਭਾਜਪਾ ਨੇ ਵੀ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ।
ਭਾਜਪਾ ਦੇ ਬੁਲਾਰੇ ਸੰਜੀਵ ਰਾਣਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਕੋਈ ਵੀ ਨਾਮਜ਼ਦ ਕੌਂਸਲਰ ਭਾਜਪਾ ਦੀ ਚੰਡੀਗੜ੍ਹ ਇਕਾਈ ਦਾ ਮੈਂਬਰ ਨਹੀਂ ਹੋਵੇਗਾ। ਨਾਲ ਹੀ ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਦਾ ਕੋਈ ਹੋਰ ਕਾਰਨ ਨਹੀਂ ਹੈ। ਦੱਸ ਦਈਏ ਕਿ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਅਹੁਦੇਦਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਅਨਿਲ ਮਸੀਹ ਦਾ ਨਾਂ ਨਹੀਂ ਹੈ।
ਚੰਡੀਗੜ੍ਹ ਮੇਅਰ ਦੀ ਚੋਣ ਭਾਜਪਾ ਦੇ ਉਮੀਦਵਾਰ ਮਨੋਜ ਸੋਨਕਰ ਨੇ ਜਿੱਤੀ ਸੀ। ਇਸ ਦੌਰਾਨ ਪ੍ਰੀਜ਼ਾਈਡਿੰਗ ਅਫ਼ਸਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਏ, ਵਿਰੋਧੀ ਧਿਰ ਨੇ ਉਨ੍ਹਾਂ ‘ਤੇ 8 ਬੈਲਟ ਪੇਪਰਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਾਇਆ ਹੈ। ਜਿਸ ਨੂੰ ਉਸ ਨੇ ਗੈਰ-ਕਾਨੂੰਨੀ ਕਰਾਰ ਦਿੱਤਾ ਸੀ। ਵਿਰੋਧੀ ਧਿਰ ਇਸ ਮਾਮਲੇ ਨੂੰ ਪਹਿਲਾਂ ਹਾਈ ਕੋਰਟ ਅਤੇ ਫਿਰ ਸੁਪਰੀਮ ਕੋਰਟ ਲੈ ਕੇ ਗਈ ਹੈ।












