ਚੰਡੀਗੜ੍ਹ ਮੇਅਰ ਚੋਣ ‘ਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਉਂਦਿਆਂ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦਿੱਤਾ ਹੈ। ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਦੱਸ ਦਈਏ ਕਿ ਮੇਅਰ ਦੇ ਅਹੁਦੇ ਲਈ ਭਾਜਪਾ ਦੇ ਮਨੋਜ ਸੋਨਕਰ ਨੇ ‘ਆਪ’ ਦੇ ਕੁਲਦੀਪ ਕੁਮਾਰ ਨੂੰ ਹਰਾਇਆ ਸੀ। ਉਸ ਨੂੰ ਆਪਣੇ ਵਿਰੋਧੀ ਦੀਆਂ 12 ਦੇ ਮੁਕਾਬਲੇ 16 ਵੋਟਾਂ ਮਿਲੀਆਂ। ਅੱਠ ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ।
ਜ਼ਿਕਰਯੋਗ ਹੈ ਕਿ ‘ਆਪ’ ਕੌਂਸਲਰ ਕੁਲਦੀਪ ਕੁਮਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸਿਖਰਲੀ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ, ਜਿਸ ਨੇ ਚੰਡੀਗੜ੍ਹ ਦੇ ਮੇਅਰ ਦੀ ਮੁੜ ਚੋਣ ਦੀ ਮੰਗ ਕਰਨ ਵਾਲੀ ਪਾਰਟੀ ਦੀ ਪਟੀਸ਼ਨ ‘ਤੇ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।











