ਅੰਮ੍ਰਿਤਸਰ ਸਿਟੀ ਪੁਲਿਸ ਚੌਕੀ ਕੋਟ ਖਾਲਸਾ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਰਾਜ ਕੁਮਾਰ ਨੂੰ 6 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਏਐਸਆਈ ਨੇ ਕਤਲ ਦੇ ਦੋਸ਼ਾਂ ਤੋਂ ਬਰੀ ਕਰਨ ਅਤੇ ਬੇਗੁਨਾਹੀ ਸਾਬਤ ਕਰਨ ਲਈ ਪੈਸੇ ਮੰਗੇ ਸਨ।
ਗੱਲਬਾਤ ਕਰਦਿਆਂ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅਮਨ ਚੈਨ ਸਿੰਘ ਵਾਸੀ ਨਿਊ ਊਧਮ ਸਿੰਘ ਨਗਰ, ਅੰਮ੍ਰਿਤਸਰ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਦਫ਼ਤਰ ਵਿੱਚ ਦਰਜ ਕਰਵਾਈ ਗਈ ਇੱਕ ਔਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਥਾਣਾ ਡਵੀਜ਼ਨ-ਬੀ ਵਿਖੇ ਦਰਜ ਹੋਏ ਇੱਕ ਕਤਲ ਕੇਸ ਦੀ ਤਫ਼ਤੀਸ਼ ਦੌਰਾਨ ਉਸਨੂੰ ਅਤੇ ਉਸਦੇ ਚਾਰ ਰਿਸ਼ਤੇਦਾਰਾਂ ਨੂੰ ਬੇਗੁਨਾਹ ਸਾਬਤ ਕਰਨ ਬਦਲੇ ਉਸ ਪਾਸੋਂ 6 ਲੱਖ ਰੁਪਏ ਦੀ ਰਿਸ਼ਵਤ ਲਈ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਲਗਾਏ ਗਏ ਦੋਸ਼ ਸਹੀ ਸਾਬਤ ਹੋਏ ਹਨ। ਉਕਤ ਪੁਲਿਸ ਮੁਲਾਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਮਾਮਲਾ ਬੰਦ ਕਰਨ ਦੇ ਬਦਲੇ 6 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਸੀ, ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਕਾਰਵਾਈ ਕੀਤੀ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਮਾਮਲੇ ਦੀ ਹੋਰ ਪੜਤਾਲ ਕੀਤੀ ਜਾਵੇਗੀ।












