ਬਠਿੰਡਾ ਸ਼ਹਿਰ ਵਿੱਚ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਵਿਅਕਤੀ ਦੀ ਪਤਨੀ ਦੀ ਸ਼ਿਕਾਇਤ ’ਤੇ ਪੀਆਰਟੀਸੀ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਸਦਰ ਬਠਿੰਡਾ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਪਰਮਜੀਤ ਕੌਰ ਵਾਸੀ ਪਿੰਡ ਖੇੜਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਹੈ ਕਿ ਬੀਤੀ 9 ਮਾਰਚ ਨੂੰ ਉਹ ਅਤੇ ਉਸ ਦਾ ਪਤੀ ਗੁਰਚਰਨ ਸਿੰਘ ਪੀਆਰਟੀਸੀ ਦੀ ਬੱਸ ਵਿੱਚ ਸਫ਼ਰ ਕਰ ਰਹੇ ਸਨ। ਬੱਸ ਨੂੰ ਡਰਾਈਵਰ ਜਸਵੀਰ ਸਿੰਘ ਚਲਾ ਰਿਹਾ ਸੀ।
ਪੀੜਤ ਨੇ ਦੱਸਿਆ ਕਿ ਉਕਤ ਡਰਾਈਵਰ ਦੀ ਅਣਗਹਿਲੀ ਕਾਰਨ ਬੱਸ ਟਰੱਕ ਨਾਲ ਟਕਰਾ ਕੇ ਹਾਦਸਾਗ੍ਰਸਤ ਹੋ ਗਈ। ਜਿਸ ਕਾਰਨ ਉਸ ਦੇ ਪਤੀ ਸਮੇਤ ਕਈ ਸਵਾਰੀਆਂ ਜ਼ਖਮੀ ਹੋ ਗਈਆਂ। ਪੀੜਤ ਔਰਤ ਦਾ ਕਹਿਣਾ ਹੈ ਕਿ ਉਸ ਦੇ ਪਤੀ ਗੁਰਚਰਨ ਸਿੰਘ ਦੀ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਮੌਤ ਹੋ ਗਈ। ਇਸ ਸਬੰਧੀ ਸਹਾਇਕ ਐਸਐਚਓ ਜਸਵੀਰ ਸਿੰਘ ਨੇ ਦੱਸਿਆ ਕਿ ਪਰਮਜੀਤ ਕੌਰ ਦੀ ਸ਼ਿਕਾਇਤ ’ਤੇ ਬੱਸ ਚਾਲਕ ਜਸਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।











