ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਉਮੀਦਵਾਰ ਅੱਜ (ਐਤਵਾਰ) ਨਾਮਜ਼ਦਗੀਆਂ ਨਹੀਂ ਭਰੀ ਜਾਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਨੇ ਦੱਸਿਆ ਕਿ ਐਤਵਾਰ ਦੀ ਛੁੱਟੀ ਹੋਣ ਕਾਰਨ ਨਾਮਜ਼ਦਗੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਇਸ ਦੌਰਾਨ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਨਕਦੀ ਦੀ ਢੋਆ-ਢੁਆਈ ਲਈ ਹਦਾਇਤਾਂ ਜਾਰੀ ਕੀਤੀਆਂ ਹਨ।
ਜ਼ਿਕਰਯੋਗ ਹੈ ਕਿ ਪੰਜਾਬ ‘ਚ ਨਾਮਜ਼ਦਗੀ ਭਰਨ ਲਈ ਸਿਰਫ 2 ਦਿਨ ਹੀ ਰਹਿ ਗਏ ਹਨ। 31 ਜਨਵਰੀ ਤੇ 1 ਫਰਵਰੀ ਤੱਕ ਨਾਮਜ਼ਦਗੀ ਭਰੀ ਜਾਵੇਗੀ। ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲਈਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ। 4 ਫਰਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਾਂ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।











