ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਨਾਲ ਲੱਗਦੇ ਪਿੰਡ ਖਰਯਾਡ ਵਿੱਚ ਇੱਕ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਵਿਅਕਤੀ ਦਾ ਕਤਲ ਕਰਨ ਤੋਂ ਬਾਅਦ ਕਤਲ ਦੇ ਦੋਸ਼ੀਆਂ ਨੇ ਉਸ ਦੀ ਲਾਸ਼ ਨੂੰ ਵੀ ਸਾੜ ਦਿੱਤਾ। ਪੁਲਿਸ ਨੇ ਮ੍ਰਿਤਕ ਦੀ ਮਾਂ ਦੀ ਸ਼ਿਕਾਇਤ ‘ਤੇ ਹੱਤਿਆ ਅਤੇ ਸਬੂਤ ਮਿਟਾਉਣ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰਕੇ ਜਾਂਚ ਤੇਜ਼ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਸੁੰਨੀ ਦੇ ਮਝੋਲ ਪਿੰਡ ਦੀ ਤਾਰਾ ਦੇਵੀ ਨੇ ਬਲੂਗੰਜ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ, ਜਿਸ ‘ਚ ਉਸ ਨੇ ਦੱਸਿਆ ਕਿ ਉਸ ਦਾ ਬੇਟਾ ਟੀਕਮਚੰਦ (38 ਸਾਲ) ਪਨੇਸ਼ ਦੇ ਖਰਯਾਡ ਪਿੰਡ ‘ਚ ਸੇਵਾਰਾਮ ਦੇ ਘਰ 8-9 ਸਾਲਾਂ ਤੋਂ ਕੰਮ ਕਰਦਾ ਸੀ। 26 ਮਾਰਚ ਨੂੰ ਸੇਵਾਰਾਮ ਦੀ ਪਤਨੀ ਪ੍ਰਭਾ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਉਸ ਦੇ ਲੜਕੇ ਦੀ ਡਿੱਗਣ ਕਾਰਨ ਮੌਤ ਹੋ ਗਈ ਹੈ।
ਬਾਅਦ ਮ੍ਰਿਤਕ ਦੀ ਮਾਂ ਤਾਰਾ ਦੇਵੀ ਨੇ ਆਪਣੇ ਬੇਟੇ ਦੇ ਕਤਲ ਦਾ ਸ਼ੱਕ ਜਤਾਇਆ ਹੈ। ਪੁਲਿਸ ਨੇ ਮਾਂ ਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਿੰਡ ਵਾਸੀਆਂ ਨੇ 21 ਮਾਰਚ ਦੀ ਰਾਤ ਨੂੰ ਕਿਸੇ ਗੱਲ ਨੂੰ ਲੈ ਕੇ ਟੀਕਮਚੰਦ ਦੀ ਕੁੱਟਮਾਰ ਕੀਤੀ ਸੀ, ਜਿਸ ਕਾਰਨ 22 ਮਾਰਚ ਨੂੰ ਉਸ ਦੀ ਮੌਤ ਹੋ ਗਈ ਸੀ।
ਦੱਸ ਦਈਏ ਕਿ ਟੀਕਮਚੰਦ ਦੀ ਮੌਤ ਤੋਂ ਘਬਰਾ ਕੇ ਪਿੰਡ ਵਾਸੀਆਂ ਨੇ 22 ਮਾਰਚ ਨੂੰ ਉਸ ਦੇ ਪਰਿਵਾਰ ਨੂੰ ਬਿਨਾਂ ਦੱਸੇ ਉਸ ਦੀ ਲਾਸ਼ ਨੂੰ ਸਾੜ ਦਿੱਤਾ ਅਤੇ ਉਸ ਦੀ ਮਾਂ ਨੂੰ ਚਾਰ ਦਿਨ ਬਾਅਦ 26 ਮਾਰਚ ਨੂੰ ਸੂਚਿਤ ਕੀਤਾ ਗਿਆ। ਮੁੱਢਲੀ ਜਾਂਚ ਵਿੱਚ ਕਤਲ ਅਤੇ ਸਬੂਤ ਨਸ਼ਟ ਕਰਨ ਦੇ ਸਬੂਤ ਮਿਲਣ ਤੋਂ ਬਾਅਦ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।
ਮ੍ਰਿਤਕ ਟੀਕਮਚੰਦ ਬੈਚਲਰ ਸੀ। ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਸ਼ਿਮਲਾ ਪੁਲਿਸ ਮੌਕੇ ਤੋਂ ਸਬੂਤ ਇਕੱਠੇ ਕਰਨ ਵਿੱਚ ਲੱਗੀ ਹੋਈ ਹੈ। ਇਸ ਤੋਂ ਬਾਅਦ ਇਸ ਕਤਲ ਕਾਂਡ ਵਿੱਚ ਸ਼ਾਮਲ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਟੀਕਮਚੰਦ ਦੇ ਕਤਲ ਦੇ ਨਾਲ-ਨਾਲ ਪਿੰਡ ਵਾਸੀਆਂ ‘ਤੇ ਸਬੂਤ ਮਿਟਾਉਣ ਦਾ ਵੀ ਦੋਸ਼ ਹੈ। ਪੁਲਿਸ ਜਾਂਚ ਤੋਂ ਪਤਾ ਲੱਗੇਗਾ ਕਿ ਇਸ ਵਿਚ ਕਿੰਨੇ ਲੋਕ ਸ਼ਾਮਲ ਹਨ।












