ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ: ਸੁਰਜੀਤ ਪਾਤਰ ਦਾ ਅੰਤਿਮ ਸਸਕਾਰ ਅੱਜ 13 ਮਈ (ਸੋਮਵਾਰ) ਨੂੰ ਸਵੇਰੇ 11 ਵਜੇ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ, ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਲੁਧਿਆਣਾ ਪਹੁੰਚ ਗਏ ਹਨ।

ਉਹ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ ਵਿਖੇ ਕਵੀ ਸੁਰਜੀਤ ਸਿੰਘ ਪਾਤਰ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਏ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਨਮ ਅੱਖਾਂ ਨਾਲ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਨੂੰ ਮੋਢਾ ਦਿੱਤਾ।
ਸੁਰਜੀਤ ਪਾਤਰ ਨੂੰ ਆਖ਼ਰੀ ਵਿਦਾਈ ਦੇਣ ਵਾਲਿਆਂ ਦਾ ਜਿੱਥੇ ਤਾਂਤਾ ਲੱਗਾ ਹੋਇਆ ਹੈ, ਉੱਥੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਸੁਰਜੀਤ ਸਿੰਘ ਪਾਤਰ ਦਾ ਬੀਤੇ ਸ਼ਨੀਵਾਰ ਸਵੇਰੇ ਲੁਧਿਆਣਾ ਵਿਖੇ ਉਨ੍ਹਾਂ ਦੀ ਰਿਹਾਇਸ਼ ਵਿਖੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਉਮਰ 79 ਸਾਲ ਦੀ ਸੀ।
ਦੱਸ ਦਈਏ ਕਿ ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣਗੇ।











