ਖੰਨਾ ਦੀ ਚਾਂਦਲਾ ਮਾਰਕੀਟ ਦੇ ਦੁਕਾਨਦਾਰਾਂ ਨੇ ਨਗਰ ਕੌਂਸਲ ਵੱਲੋਂ ਕਬਜ਼ੇ ਹਟਾਉਣ ਦੀ ਮੁਹਿੰਮ ਖ਼ਿਲਾਫ਼ ਜੀ.ਟੀ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਸਥਾਨਕ ਪ੍ਰਸ਼ਾਸਨ ਅਤੇ ਨਗਰ ਕੌਂਸਲ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਸ਼ਾਸਨ ‘ਤੇ ਧੱਕੇਸ਼ਾਹੀ ਦਾ ਦੋਸ਼ ਲਾਇਆ ਗਿਆ ਸੀ। ਦੂਜੇ ਪਾਸੇ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਸਰਕਾਰੀ ਡਿਊਟੀ ਵਿੱਚ ਅੜਿੱਕਾ ਡਾਹੁਣ ਅਤੇ ਕੋਤਾਹੀ ਕਰਨ ਦੇ ਦੋਸ਼ ਲਾਏ। ਸਥਿਤੀ ਨੂੰ ਦੇਖਦੇ ਹੋਏ ਡੀਐਸਪੀ ਹਰਜਿੰਦਰ ਸਿੰਘ ਗਿੱਲ ਪੁਲੀਸ ਫੋਰਸ ਸਮੇਤ ਪੁੱਜੇ। ਡੀਐਸਪੀ ਨੇ ਕਿਹਾ ਕਿ ਡਿਊਟੀ ਵਿੱਚ ਵਿਘਨ ਪਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਨਗਰ ਕੌਂਸਲ ਵੱਲੋਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸ਼ਹਿਰ ਵਿੱਚ ਕਬਜ਼ੇ ਹਟਾਏ ਜਾ ਰਹੇ ਹਨ। ਇਸੇ ਲੜੀ ਤਹਿਤ ਚਾਂਦਲਾ ਮਾਰਕੀਟ ਅਤੇ ਹੋਰ ਬਾਜ਼ਾਰਾਂ ਵਿੱਚੋਂ ਕਬਜ਼ੇ ਹਟਾਏ ਜਾ ਰਹੇ ਹਨ। ਦੁਕਾਨਦਾਰਾਂ ਨੂੰ ਦੁਕਾਨਾਂ ਦੇ ਬਾਹਰੋਂ ਸਾਮਾਨ ਚੁੱਕਣ ਅਤੇ ਨਾਜਾਇਜ਼ ਤੌਰ ’ਤੇ ਲਗਾਏ ਸ਼ੈੱਡਾਂ ਜਾਂ ਤਰਪਾਲਾਂ ਨੂੰ ਹਟਾਉਣ ਦੀ ਹਦਾਇਤ ਕੀਤੀ ਜਾ ਰਹੀ ਸੀ। ਇਸ ਦੌਰਾਨ ਦੁਕਾਨਦਾਰ ਇਕੱਠੇ ਹੋ ਗਏ ਅਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਦੁਕਾਨਦਾਰਾਂ ਨੇ ਜੀਟੀ ਰੋਡ ’ਤੇ ਪਹੁੰਚ ਕੇ ਧਰਨਾ ਦਿੱਤਾ। ਦੁਕਾਨਦਾਰਾਂ ਨੇ ਕਿਹਾ ਕਿ ਨਗਰ ਕੌਂਸਲ ਪ੍ਰਸ਼ਾਸਨ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਜਿਸ ਕਾਰਨ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਲਟਾ ਉਨ੍ਹਾਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਵਿਰੋਧ ਕਰਨ ‘ਤੇ ਸ਼ਿਕਾਇਤ ਦਰਜ ਕਰਵਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਨਗਰ ਕੌਾਸਲ ਵੱਲੋਂ ਕਬਜ਼ੇ ਹਟਾਓ ਮੁਹਿੰਮ ਦੀ ਇੰਚਾਰਜ ਪਰਮਜੀਤ ਕੌਰ ਨੇ ਦੱਸਿਆ ਕਿ ਕਈ ਦਿਨ ਪਹਿਲਾਂ ਬਾਜ਼ਾਰਾਂ ਵਿਚ ਐਲਾਨ ਕੀਤਾ ਗਿਆ ਸੀ ਕਿ ਕਬਜ਼ੇ ਹਟਾਏ ਜਾਣ | ਇਸ ਦੇ ਬਾਵਜੂਦ ਦੁਕਾਨਦਾਰਾਂ ਨੇ ਕੋਈ ਗੱਲ ਨਹੀਂ ਸੁਣੀ। ਹੁਣ ਦੁਕਾਨਾਂ ਦੇ ਬਾਹਰ ਗਲਤ ਢੰਗ ਨਾਲ ਰੱਖੇ ਸਾਮਾਨ ਨੂੰ ਉਤਾਰਿਆ ਜਾ ਰਿਹਾ ਹੈ। ਜਦੋਂ ਸ਼ੈੱਡ ਅਤੇ ਤਰਪਾਲਾਂ ਨੂੰ ਉਤਾਰਿਆ ਜਾ ਰਿਹਾ ਸੀ ਤਾਂ ਦੁਕਾਨ ‘ਤੇ ਮੌਜੂਦ ਦੋ ਭਰਾਵਾਂ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ। ਆਪਣੀ ਟੀਮ ਨਾਲ ਝਗੜਾ ਕੀਤਾ। ਇਸ ਤੋਂ ਬਾਅਦ ਦੋਵਾਂ ਨੇ ਦੁਕਾਨਦਾਰਾਂ ਨੂੰ ਭੜਕਾ ਕੇ ਜੀਟੀ ਰੋਡ ‘ਤੇ ਧਰਨਾ ਦਿੱਤਾ। ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ। ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਨਗਰ ਕੌਂਸਲ ਦੀ ਟੀਮ ਵੱਲੋਂ ਸ਼ਿਕਾਇਤ ਮਿਲਣ ’ਤੇ ਕਾਰਵਾਈ ਕੀਤੀ ਜਾਵੇਗੀ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।











