ਹਿਮਾਚਲ ਪ੍ਰਦੇਸ਼ ਵਿੱਚ ਕੁੜੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 21 ਸਾਲ ਹੋਵੇਗੀ। ਇਸ ਸਬੰਧ ਵਿਚ ਸ਼ਿਮਲਾ ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਮੰਗਲਵਾਰ ਨੂੰ ਇਕ ਸੋਧ ਬਿੱਲ ਪੇਸ਼ ਕੀਤਾ ਗਿਆ, ਜਿਸ ਨੂੰ ਜ਼ੁਬਾਨੀ ਵੋਟ ਨਾਲ ਪਾਸ ਕਰ ਦਿੱਤਾ ਗਿਆ।
ਹੁਣ ਬਿੱਲ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ। ਇਸ ਤੋਂ ਬਾਅਦ ਬਿੱਲ ਕਾਨੂੰਨ ਬਣ ਜਾਵੇਗਾ ਅਤੇ ਲਾਗੂ ਹੋ ਜਾਵੇਗਾ। ਹੁਣ ਤੱਕ ਹਿਮਾਚਲ ਵਿੱਚ ਕੁੜੀਆਂ ਦੀ ਵਿਆਹ ਦੀ ਉਮਰ 18 ਸਾਲ ਹੈ। ਸਿਹਤ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਧਨੀਰਾਮ ਸ਼ਾਂਡਿਲ ਨੇ ਕਿਹਾ ਕਿ ਕੁੜੀਆਂ ਨੂੰ ਅੱਗੇ ਵਧਣ ਦੇ ਮੌਕੇ ਮਿਲਣਗੇ। ਹਾਲੇ ਵੀ ਕੁਝ ਲੋਕ ਛੋਟੀ ਉਮਰ ਵਿੱਚ ਵਿਆਹ ਕਰ ਦਿੰਦੇ ਹਨ। ਇਸ ਨਾਲ ਬੱਚੇ ਪੜ੍ਹਾਈ ਨਹੀਂ ਕਰ ਸਕਦੇ ਤੇ ਜ਼ਿੰਦਗੀ ਵਿੱਚ ਅੱਗੇ ਨਹੀਂ ਵੱਧ ਸਕਦੇ। ਉਨ੍ਹਾਂ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਵਿਆਹ ਲਈ ਉਮਰ ਵਧਾਈ ਜਾਵੇ, ਤਾਂ ਜੋ ਲੋਕਾਂ ਨੂੰ ਕੁਪੋਸ਼ਣ ਤੋਂ ਬਚਾਇਆ ਜਾਵੇ। ਜਲਦੀ ਵਿਆਹ ਹੋਣ ਕਾਰਨ ਕਈ ਮਹਿਲਾਵਾਂ ਨੂੰ ਆਪਣੇ ਕਰੀਅਰ ਵਿੱਚ ਵੀ ਸਫਲਤਾ ਨਹੀਂ ਮਿਲਦੀ।












