ਸ੍ਰੀ ਮੁਕਤਸਰ ਸਾਹਿਬ, 28 ਅਗਸਤ ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’-2024 (ਸੀਜ਼ਨ-3) ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ‘ਤੇ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਵੱਧ ਤੋਂ ਵੱਧ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਡਾਂ ਤਹਿਤ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ਤੱਕ ਖੇਡਾਂ ਕਰਵਾਈਆਂ ਜਾਣਗੀਆਂ ਅਤੇ ਖਿਡਾਰੀਆਂ ਨੂੰ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ 2024 ਵਿੱਚ ਹਿੱਸਾ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਾਉਣ ਦੀ ਅਪੀਲ ਕੀਤੀ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਵੱਲੋਂ ਦੱਸਿਆ ਗਿਆ ਕਿ ਇਸ ਮਸ਼ਾਲ ਮਾਰਚ ਵਿੱਚ ਲਗਭਗ 250 ਖਿਡਾਰੀ/ਖਿਡਾਰਨਾਂ ਸ਼ਾਮਲ ਹੋਏ ਅਤੇ ਖਿਡਾਰੀਆਂ ਵੱਲੋਂ ਇਸ ਟਾਰਚ ਰਿਲੇਅ ਪ੍ਰੋਗਰਾਮ ਦੌਰਾਨ ਭਰਵਾਂ ਹੁੰਗਾਰਾ ਦਿੰਦੇ ਹੋਏ ਜ਼ਿਲ੍ਹਾ ਰੈਡ ਕਰਾਸ ਭਵਨ, ਸ੍ਰੀ ਮੁਕਤਸਰ ਸਾਹਿਬ ਵਿਖੇ ਜਿਮਨਾਸਟਿਕ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਇਸ ਉਪਰੰਤ ਰੈਡ ਕਰਾਸ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਮੁਕਤਸਰ ਸਾਹਿਬ ਤੱਕ ਪੈਦਲ ਮਸ਼ਾਲ ਮਾਰਚ ਕੱਢਿਆ ਗਿਆ ਅਤੇ ਬੱਚਿਆਂ, ਨੌਜਵਾਨਾਂ ਅਤੇ ਵਸਨੀਕਾਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਦੇ ਹੋਏ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਦਾ ਸੁਨੇਹਾ ਦਿੱਤਾ।
ਇਸ ਉਪਰੰਤ ਟਾਰਚ ਰਿਲੇਅ ਨੂੰ ਜ਼ਿਲ੍ਹਾ ਬਠਿੰਡਾ ਨੂੰ ਹੈਂਡਓਵਰ ਕਰ ਦਿੱਤੀ ਗਈ ਅਤ ਇਸੇ ਤਰ੍ਹਾਂ ਹੀ ਇਹ ਟਾਰਚ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਗੁਜ਼ਰਦੀ ਹੋਈ ਅੰਤ ਵਿੱਚ ਜ਼ਿਲ੍ਹਾ ਸੰਗਰੂਰ ਵਿਖੇ ਪਹੁੰਚ ਕਰੇਗੀ।












