November 16, 2026, 1:52 pm
----------- Advertisement -----------
HomeNewsBreaking Newsਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ 'ਡਿਜੀਟਲ ਐਕਸੀਲੈਂਸ ਐਵਾਰਡ'

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

Published on

----------- Advertisement -----------

*ਚੰਡੀਗੜ੍ਹ, 1 ਮਾਰਚ 2026*:ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ਦੌਰਾਨ ਵੱਕਾਰੀ “ਡਿਜੀਟਲ ਐਕਸੀਲੈਂਸ” ਐਵਾਰਡ ਮਿਲਿਆ ਹੈ।

ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸੂਬਾ ਸਰਕਾਰ ਤਰਫੋਂ ਇਹ ਪੁਰਸਕਾਰ ਹੈਦਰਾਬਾਦ ਵਿਖੇ ਇੰਡੀਅਨ ਐਕਸਪ੍ਰੈਸ ਗਰੁੱਪ ਵੱਲੋਂ ਕਰਵਈ ਗਈ ਤਕਨਾਲੋਜੀ ਸਭਾ 2026 ਦੌਰਾਨ ਹਾਸਲ ਕੀਤਾ। ਇਸ ਸਮਾਰੋਹ ਵਿੱਚ ਦੇਸ਼ ਭਰ ਦੇ ਚੋਟੀ ਦੇ ਤਕਨਾਲੋਜੀ ਦਿੱਗਜਾਂ ਅਤੇ ਨੀਤੀ ਘਾੜਿਆਂ ਨੇ ਸ਼ਿਰਕਤ ਕੀਤੀ।

ਇਹ ਪੁਰਸਕਾਰ ਸੂਬੇ ਦੇ ਨਾਗਰਿਕਾਂ ਅਤੇ ਵਿਭਾਗ ਦੀ ਟੀਮ ਨੂੰ ਸਮਰਪਿਤ ਕਰਦਿਆਂ, ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮਾਨਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਪਾਰਦਰਸ਼ੀ, ਕਾਗਜ਼ ਰਹਿਤ ਅਤੇ ਜਵਾਬਦੇਹੀ ਵਾਲਾ ਪ੍ਰਬੰਧਕੀ ਢਾਂਚਾ ਬਣਾਉਣ ਲਈ ਸੌਂਪੇ ਕਾਰਜਾਂ ਦਾ ਨਤੀਜਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਵੱਕਾਰੀ ਪੁਰਸਕਾਰ ਪੰਜਾਬ ਸਰਕਾਰ ਦੇ ਸੁਸ਼ਾਸਨ ਅਤੇ ਨਾਗਰਿਕ-ਕੇਂਦ੍ਰਿਤ ਸੁਧਾਰਾਂ ਨੂੰ ਯਕੀਨੀ ਬਣਾਉਣ ਦੇ ਯਤਨਾਂ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਨੇ ਇਸ ਸਨਮਾਨ ਦਾ ਸਿਹਰਾ ਸਰਕਾਰ ਵੱਲੋਂ ‘ਵਿਚੋਲੇ ਸੱਭਿਆਚਾਰ’ ਨੂੰ ਖਤਮ ਕਰਨ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸਨਮਾਨਜਨਕ ਅਤੇ ਨਿਰਵਿਘਨ ਢੰਗ ਨਾਲ ਸੇਵਾਵਾਂ ਯਕੀਨੀ ਬਣਾਉਣ ਦੇ ਯਤਨਾਂ ਨੂੰ ਦਿੱਤਾ। ਇਹ ਡਿਜੀਟਲ ਪਰਿਵਰਤਨ ਸਿਰਫ਼ ਤਕਨਾਲੋਜੀ ਬਾਰੇ ਨਹੀਂ ਹੈ ਬਲਕਿ ਇਹ ਸਿਸਟਮ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਬਹਾਲ ਕਰਨ ਬਾਰੇ ਹੈ।

ਸ੍ਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀਆਂ ਨਿਵੇਕਲੀਆਂ ਤੇ ਆਪਣੀ ਕਿਸਮ ਦੀਆਂ ਪਲੇਠੀਆਂ ਡਿਜੀਟਲ ਪਹਿਲਕਦਮੀਆਂ ‘ਤੇ ਚਾਨਣਾ ਪਾਇਆ ਜੋ ਦੇਸ਼ ਭਰ ਵਿੱਚ ਨਾਗਰਿਕਾਂ ਦੀ ਸਹੂਲਤ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਸੂਬਾ ਸਰਕਾਰ ਦੀ ਇੱਕ ਪ੍ਰਮੁੱਖ ਸਕੀਮ ਹੈ ਜਿਸ ਤਹਿਤ ਨਾਗਰਿਕ ਆਪਣੇ ਘਰ ਬੈਠੇ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ 430 ਤੋਂ ਵੱਧ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਨਾਗਰਿਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਦੇ ਜਾਣ ਦੀ ਲੋੜ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ(ਐਮਸੀ) ਨੂੰ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਇਸ ਨਾਲ ਜ਼ਰੂਰੀ ਸਰਟੀਫਿਕੇਟ ਜਾਰੀ ਕਰਨ ਵਿੱਚ ਕਾਫ਼ੀ ਤੇਜ਼ੀ ਆਈ ਹੈ ਅਤੇ ਤਕਨਾਲੋਜੀ ਨੂੰ ਜ਼ਮੀਨੀ ਪੱਧਰ ਦੀ ਲੀਡਰਸ਼ਿਪ ਨਾਲ ਜੋੜਿਆ ਗਿਆ ਹੈ।

ਪਟਵਾਰੀਆਂ ਅਤੇ ਫੀਲਡ ਸਟਾਫ ਦੀ ਸਫਲ ਆਨਬੋਰਡਿੰਗ ਦੇ ਨਾਲ, ਸੂਬਾ ਸਰਕਾਰ ਵੱਲੋਂ 12.5 ਲੱਖ ਤੋਂ ਵੱਧ ਅਰਜ਼ੀਆਂ ‘ਤੇ ਆਨਲਾਈਨ ਕਾਰਵਾਈ ਕੀਤੀ ਗਈ ਹੈ। ਇਸ ਡਿਜੀਟਲ ਏਕੀਕਰਨ ਨਾਲ ਲੰਬਿਤ ਮਾਮਲਿਆਂ ਦੀ ਦਰ ਮਹਿਜ਼ 0.33 ਫ਼ੀਸਦੀ ਰਹਿ ਗਈ ਹੈ, ਜੋ ਸਿਸਟਮ ਦੀ ਕੁਸ਼ਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਐਮ-ਸੇਵਾ ਅਤੇ ਕਨੈਕਟ ਪੰਜਾਬ ਇੱਕ ਏਕੀਕ੍ਰਿਤ ਮੋਬਾਈਲ ਪਲੇਟਫਾਰਮ ਅਤੇ ਮਜ਼ਬੂਤ ਸ਼ਿਕਾਇਤ ਨਿਵਾਰਣ ਪ੍ਰਣਾਲੀ ਪ੍ਰਦਾਨ ਕਰਦੀਆਂ ਹਨ ਜੋ ਨਾਗਰਿਕਾਂ ਨੂੰ ਆਪਣੀਆਂ ਅਰਜ਼ੀਆਂ ਨੂੰ ਟਰੈਕ ਕਰਨ ਅਤੇ ਅਸਲ-ਸਮੇਂ ਵਿੱਚ ਫੀਡਬੈਕ ਜਮ੍ਹਾਂ ਕਰਾਉਣ ਦੇ ਯੋਗ ਬਣਾਉਣ ਦੇ ਨਾਲ ਨਾਲ ਹਰ ਪੱਧਰ ‘ਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ।

ਅਗਲੇਰੀ ਰੂਪ ਰੇਖਾ ‘ਤੇ ਚਾਨਣਾ ਪਾਉਂਦਿਆਂ, ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ, “ਅਸੀਂ ਇਸ ਪ੍ਰਾਪਤੀ ਤੱਕ ਹੀ ਸੀਮਿਤ ਨਹੀਂ ਰਹਾਂਗੇ। ਪੰਜਾਬ ਦੀ ਡਿਜੀਟਲ ਯਾਤਰਾ ਦੇ ਅਗਲੇ ਪੜਾਅ ਵਿੱਚ ਸੇਵਾ ਪ੍ਰਦਾਨ ਕਰਨ ਨੂੰ ਹੋਰ ਸੁਖਾਲਾ ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ ਲਰਨਿੰਗ (ਐਮਐਲ) ਨੂੰ ਏਕੀਕ੍ਰਿਤ ਕੀਤਾ ਜਾਵੇਗਾ। ਸਾਡਾ ਟੀਚਾ ਆਮਦਨ, ਰਿਹਾਇਸ਼ ਅਤੇ ਜਾਤੀ ਸਰਟੀਫਿਕੇਟ ਸਮੇਤ ਸਾਰੀਆਂ ਪ੍ਰਮੁੱਖ ਸੇਵਾਵਾਂ ਲਈ 100 ਫ਼ੀਸਦੀ ਕਾਗਜ਼ ਰਹਿਤ ਅਤੇ ਸੰਪਰਕ ਰਹਿਤ ਈਕੋਸਿਸਟਮ ਬਣਾਉਣਾ ਹੈ। ਇਹ ਪੁਰਸਕਾਰ ਲਾਲ-ਫੀਤਾਸ਼ਾਹੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੇ ਸਾਡੇ ਦ੍ਰਿੜ ਇਰਾਦੇ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਸਿਰਫ਼ ਇੱਕ ਕਲਿੱਕ ‘ਤੇ ਆਮ ਲੋਕਾਂ ਲਈ ਹਰ ਸਰਕਾਰੀ ਸੇਵਾ ਯਕੀਨੀ ਬਣਾਈ ਜਾਵੇਗੀ ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...