ਨੰਗਲ : ਹਿਮਾਚਲ ਐਂਟਰੀ ਟੈਕਸ ਹਟਾਉਣ ਨੂੰ ਉਦੋਂ ਵਿਰਾਮ ਲੱਗ ਗਿਆ ਜਦੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਇਸ ਨੂੰ ਹਟਾਉਣ ਤੋਂ ਇਨਕਾਰ ਕਰ ਦਿਤਾ। ਉਨ੍ਹਾਂ ਦਸਿਆ ਕਿ ਹਿਮਾਚਲ ਐਂਟਰੀ ਟੈਕਸ ਨੂੰ ਬੰਦ ਨਹੀਂ ਕੀਤਾ ਜਾ ਸਕਦਾ। ਵਾਹਨਾਂ ਦੇ ਲੱਗੇ ਟੈਕਸ ਨੂੰ ਘਟਾਇਆ ਜਾ ਸਕਦਾ ਹੈ।
ਇਸ ਸਬੰਧੀ ਉਨ੍ਹਾਂ ਸਬੰਧਤ ਵਿਭਾਗ ਅਤੇ ਠੇਕੇਦਾਰ ਨੂੰ ਟੈਕਸ ਘਟਾਉਣ ਦੀਆਂ ਹਦਾਇਤਾਂ ਜਾਰੀ ਕਰ ਦਿਤੀਆਂ ਹਨ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਸਰਹਦੀ ਪੰਜਾਬ ਦੇ ਪਿੰਡ ਜੋ 5 ਕਿਲੋਮੀਟਰ ਦੇ ਘੇਰੇ ਵਿਚ ਆਉਂਦੇ ਹਨ ਉਨ੍ਹਾਂ ਨੂੰ ਹਿਮਾਚਲ ਐਂਟਰੀ ਟੈਕਸ ਤੋਂ ਛੋਟ ਦਿਤੀ ਗਈ ਹੈ।
ਇਸ ਸਬੰਧੀ ਸਰਹੱਦੀ ਪਿੰਡਾਂ ਦੇ ਲੋਕਾਂ ਦੇ ਵਾਹਨਾਂ ਦੇ ਹਿਮਾਚਲ ਐਂਟਰੀ ਪਾਸ ਜਲਦੀ ਬਣਨੇ ਸ਼ੁਰੂ ਹੋ ਜਾਣਗੇ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਇਸ ਬਿਆਨ ਨੂੰ ਲੈ ਕੇ ਨੰਗਲ ਦੇ ਸਾਬਕਾ ਕੌਂਸਲਰ ਐਡਵੋਕੇਟ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਹੁਣ ਪੰਜਾਬ ਨੂੰ ਅਪਣੀਆਂ ਹੱਦਾਂ ’ਤੇ ਟੋਲ ਟੈਕਸ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਲੋਂ ਪੰਜਾਬ ਦੀ ਸਰਹੱਦ ਨਾਲ ਲੱਗਦੇ ਮਹਿਤਪੁਰ ਏਰੀਏ ਵਿਚ ਪੰਜਾਬ ਵਾਲੇ ਪਾਸੇ ਟੋਲ ਟੈਕਸ ਲਗਾਉਣ ਲਈ ਇਕ ਮਤਾ ਪਾਸ ਕੀਤਾ ਗਿਆ ਸੀ ਜਿਸ ਨੂੰ ਉਨ੍ਹਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਲਾਗੂ ਕਰਨ ਦੀ ਮੰਗ ਕੀਤੀ ਹੈ।
ਹਿਮਾਚਲ ਐਂਟਰੀ ਟੈਕਸ ਬੰਦ ਕਰਵਾਉਣ ਤਕ ਸੰਘਰਸ਼ ਜਾਰੀ ਰਹੇਗਾ : ਰਾਣਾ
ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਪੰਜਾਬ ਤੋਂ ਆਉਣ ਵਾਲੀਆਂ ਵਪਾਰਕ ਗੱਡੀਆਂ ਅਤੇ ਟੈਕਸੀਆਂ ’ਤੇ ਲਗਾਏ ਜਾ ਰਹੇ ਐਂਟਰੀ ਟੈਕਸ ਦੇ ਵਿਰੋਧ ਵਿਚ ਪੰਜਾਬ ਮੋਰਚਾ ਦੀ ਕਨਵੀਨਰ ਗੌਰਵ ਰਾਣਾ ਨੇ ਕਿਹਾ ਹੈ ਕਿ ਜਦੋਂ ਤਕ ਹਿਮਾਚਲ ਸਰਕਾਰ ਐਂਟਰੀ ਟੈਕਸ ਬੰਦ ਨਹੀਂ ਕਰਦੀ ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਰਾਣਾ ਨੇ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਰੋਸ ਵਜੋਂ ਅੱਜ ਨੂਰਪੁਰ ਬੇਦੀ ਵਿਖੇ ਵਿਖੇ ਇਕ ਰੋਸ ਮਾਰਚ ਕਢਿਆ ਜਾਵੇਗਾ ਅਤੇ ਹਿਮਾਚਲ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ।
ਗੌਰਵ ਰਾਣਾ ਤੋਂ ਇਲਾਵਾ ਟੈਕਸੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੋਹਣ ਸਿੰਘ ਭੈਣੀ, ਨਲਹੋਟੀ ਟੈਕਸ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ, ਕੀਰਤੀ ਕਿਸਾਨ ਮੋਰਚਾ ਦੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਭੱਟੋ ਅਤੇ ਆਜ਼ਾਦ ਐਕਸ਼ਨ ਯੂਨੀਅਨ ਦੇ ਵਾਈਸ ਪ੍ਰਧਾਨ ਕਮਲਜੀਤ ਸਿੰਘ ਦੀ ਅਗਵਾਈ ਵਿਚ ਅੱਜ ਨੂਰਪੁਰ ਬੇਦੀ ਵਿਖੇ ਹਿਮਾਚਲ ਐਂਟਰੀ ਟੈਕਸ ਬੰਦ ਕਰਵਾਉਣ ਨੂੰ ਲੈ ਕੇ ਇਕ ਵੱਡੀ ਰੈਲੀ ਕੀਤੀ ਜਾਵੇਗੀ। ਆਗੂਆਂ ਨੇ ਚਿਤਾਵਨੀ ਦਿਤੀ ਹੈ ਕਿ ਜੇਕਰ ਐਂਟਰੀ ਟੈਕਸ ਤੁਰਤ ਵਾਪਸ ਨਾਲ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।












