ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਵਿਚਾਲੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੂੰ ਮੰਗਲਵਾਰ ਨੂੰ ਦਿੱਲੀ ਬੁਲਾਇਆ ਗਿਆ ਹੈ। ਪਾਰਟੀ ਹਾਈਕਮਾਨ ਪੰਜਾਬ ਵਿੱਚ ਚੱਲ ਰਹੇ ਵਿਵਾਦ ਨੂੰ ਲੈ ਕੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰੇਗੀ।
ਸੂਤਰਾਂ ਮੁਤਾਬਕ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮੀਟਿੰਗ ਵਿੱਚ ਆਪਣੀ ਨਾਰਾਜ਼ਗੀ ਪ੍ਰਗਟ ਕਰ ਸਕਦੇ ਹਨ। ਇਸ ਲਈ ਪੰਜਾਬ ਵਿੱਚ ਚੱਲ ਰਹੇ ਧੜੇਬੰਦੀ ਅਤੇ ਸੰਗਠਨਾਤਮਕ ਵਿਵਾਦ ਨੂੰ ਲੈ ਕੇ ਅੱਜ ਇੱਕ ਅਹਿਮ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।
ਭੁਪੇਸ਼ ਬਘੇਲ ਪਿਛਲੇ ਕਈ ਦਿਨਾਂ ਤੋਂ ਚੰਡੀਗੜ੍ਹ ਵਿੱਚ ਡੇਰਾ ਲਾ ਕੇ ਲਗਾਤਾਰ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ। ਉਹ ਵਿਵਾਦ ਨੂੰ ਹੱਲ ਕਰਨ ਲਈ ਵੱਖ-ਵੱਖ ਧੜਿਆਂ ਨੂੰ ਇੱਕ ਪਲੇਟਫਾਰਮ ‘ਤੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅਜੇ ਤੱਕ ਪੂਰੀ ਸਹਿਮਤੀ ਨਹੀਂ ਬਣ ਸਕੀ ਹੈ।
ਸੂਤਰਾਂ ਮੁਤਾਬਕ ਚਰਨਜੀਤ ਸਿੰਘ ਚੰਨੀ ਨੇ ਭੁਪੇਸ਼ ਬਘੇਲ ਨਾਲ ਮੁਲਾਕਾਤ ਤੋਂ ਪਹਿਲਾਂ ਦੋ ਸ਼ਰਤਾਂ ਰੱਖੀਆਂ ਸਨ। ਪਹਿਲੀ, ਮੀਟਿੰਗ ਕਾਂਗਰਸ ਭਵਨ ਵਿੱਚ ਨਹੀਂ ਹੋਵੇਗੀ, ਅਤੇ ਦੂਜੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੌਜੂਦ ਨਹੀਂ ਹੋਣਗੇ। ਚੰਨੀ ਨੇ ਦੋ ਪ੍ਰਤੀਨਿਧੀਆਂ ਰਾਹੀਂ ਗੱਲਬਾਤ ਕਰਨ ਦੀ ਪੇਸ਼ਕਸ਼ ਵੀ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਚੰਨੀ ਸਿੱਧੇ ਰਾਹੁਲ ਗਾਂਧੀ ਨੂੰ ਮਿਲ ਕੇ ਆਪਣੇ ਵਿਚਾਰ ਪੇਸ਼ ਕਰਨਾ ਚਾਹੁੰਦੇ ਹਨ। ਅਜਿਹੀ ਸਥਿਤੀ ਵਿੱਚ ਉਹ ਦਿੱਲੀ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਅਤੇ ਸੂਬਾ ਇੰਚਾਰਜ ਦੇ ਕੰਮ ਬਾਰੇ ਵੀ ਆਪਣੇ ਵਿਚਾਰ ਪ੍ਰਗਟ ਕਰ ਸਕਦੇ ਹਨ।
ਦੂਜੇ ਪਾਸੇ ਆਪਣੀ ਪੰਜਾਬ ਫੇਰੀ ਦੌਰਾਨ ਭੁਪੇਸ਼ ਬਘੇਲ ਨੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਸਮੇਤ ਕਈ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ।
ਇਸ ਦੌਰਾਨ ਚੰਨੀ ਧੜੇ ਦੇ ਆਗੂਆਂ ਨਾਲ ਸੰਪਰਕ ਬਣਾਈ ਰੱਖਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਚੰਨੀ ਧੜੇ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਹਾਲ ਹੀ ਵਿੱਚ ਭੁਪੇਸ਼ ਬਘੇਲ ਦੇ ਡਿਨਰ ਵਿੱਚ ਸ਼ਿਰਕਤ ਕੀਤੀ, ਜਿਸ ਨੂੰ ਦੋਵਾਂ ਧਿਰਾਂ ਵਿਚਕਾਰ ਗੱਲਬਾਤ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਗਿਆ ਸੀ












