ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਵਿਚਕਾਰ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸਾਂਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ।
1 ਜੁਲਾਈ ਨੂੰ, ਕਾਂਗਰਸ ਲੀਡਰਸ਼ਿਪ ਨੇ ਐਲਾਨ ਕੀਤਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਬਣੇ ਰਹਿਣਗੇ। ਹਾਲਾਂਕਿ, ਚੰਨੀ ਇਸ ਫੈਸਲੇ ਦਾ ਵਿਰੋਧ ਕਰ ਰਹੇ ਹਨ ਅਤੇ ਸੂਬਾ ਲੀਡਰਸ਼ਿਪ ਵਿੱਚ ਤਬਦੀਲੀ ਦੀ ਮੰਗ ਕਰ ਰਹੇ ਹਨ। ਕੁਝ ਸੀਨੀਅਰ ਪਾਰਟੀ ਆਗੂ ਵੀ ਜਲੰਧਰ ਦੇ ਸੰਸਦ ਮੈਂਬਰ ਚੰਨੀ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ।
ਦੱਸ ਦਈਏ ਕਿ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਆਪਣੀ ਰਿਪੋਰਟ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਨੂੰ ਸੌਂਪ ਦਿੱਤੀ ਹੈ। ਸੂਤਰਾਂ ਅਨੁਸਾਰ, ਰਿਪੋਰਟ ਵਿੱਚ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਵਜੋਂ ਬਰਕਰਾਰ ਰੱਖਣ ਦੀ ਸਿਫਾਰਸ਼ ਕੀਤੀ ਗਈ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ 29 ਜ਼ਿਲ੍ਹਾ ਪ੍ਰਧਾਨਾਂ ਵਿੱਚੋਂ 25 ਅਤੇ 7 ਵਿੱਚੋਂ 4 ਸੰਸਦ ਮੈਂਬਰ ਵੜਿੰਗ ਦਾ ਸਮਰਥਨ ਕਰਦੇ ਹਨ।












