ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪੰਜਾਬ ਸਰਕਾਰ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਵਿੱਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਨੂੰ ਲੈ ਕੇ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। ਵਿੱਤ ਵਿਭਾਗ ਦੇ ਤਾਜ਼ਾ ਹੁਕਮਾਂ ਅਨੁਸਾਰ ਜੇਕਰ ਕਿਸੇ ਮਾਮਲੇ ਵਿੱਚ ਅਦਾਲਤ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿੱਚ ਰਾਹਤ ਦਿੱਤੀ ਜਾਂਦੀ ਹੈ ਤਾਂ ਉਸ ਨੂੰ ਲਾਗੂ ਕਰਨ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਦੀ ਮਨਜ਼ੂਰੀ ਲੈਣੀ ਪਵੇਗੀ। ਵਿੱਤ ਵਿਭਾਗ ਵਲੋਂ 17 ਅਗਸਤ 2026 ਨੂੰ ਜਾਰੀ ਕੀਤੇ ਹੁਕਮਾਂ ਵਿੱਚ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਕਿਹਾ ਗਿਆ ਹੈ ਕਿ ਉਹ ਸਾਰੇ ਅਜਿਹੇ ਮਾਮਲਿਆਂ ਦੀ ਪੂਰੀ ਜਾਣਕਾਰੀ ਦੇਣ, ਜਿਨ੍ਹਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਆਧਾਰ ’ਤੇ ਫ਼ੈਸਲੇ ਹੋ ਚੁੱਕੇ ਹਨ ਅਤੇ ਜਿਨ੍ਹਾਂ ਨਾਲ ਸਰਕਾਰ ’ਤੇ ਵਿੱਤੀ ਬੋਝ ਪੈਂਦਾ ਹੈ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਅਜਿਹੇ ਮਾਮਲਿਆਂ ਵਿੱਚ ਵਿੱਤ ਵਿਭਾਗ ਦੀ ਪਹਿਲਾਂ ਸਹਿਮਤੀ ਤੋਂ ਬਿਨਾਂ ਕੋਈ ਹੁਕਮ ਲਾਗੂ ਨਹੀਂ ਕੀਤਾ ਜਾਵੇਗਾ। ਜੇਕਰ ਇਸ ਮਾਮਲੇ ਸਬੰਧੀ ਆਮ ਹਦਾਇਤਾਂ ਪਹਿਲਾਂ ਜਾਰੀ ਨਾ ਹੋਈਆਂ ਹੋਣ ਤਾਂ ਵਿੱਤ ਵਿਭਾਗ ਦੀ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ।
ਹਰਸਿਮਰਤ ਬਾਦਲ ਨੇ ਵਿੱਤ ਵਿਭਾਗ ਦੇ ਨਵੇਂ ਹੁਕਮਾਂ ’ਤੇ ਚੁੱਕੇ ਸਵਾਲ
ਇਸ ਤੋਂ ਬਾਅਦ ਹਰਸਿਮਰਤ ਬਾਦਲ ਨੇ ਆਪਣੀ ਫੇਸਬੁੱਕ ’ਤੇ ਪੋਸਟ ਪਾ ਕੇ ਇਸ ਨੂੰ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਹੱਕਾਂ ਨਾਲ ‘ਮਜ਼ਾਕ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁਲਾਜ਼ਮਾਂ ਨੂੰ ਅਦਾਲਤ ਤੋਂ ਰਾਹਤ ਮਿਲ ਚੁੱਕੀ ਹੈ, ਉਨ੍ਹਾਂ ਨੂੰ ਵੀ ਹੁਣ ਆਪਣੇ ਹੱਕ ਲੈਣ ਲਈ ਸਰਕਾਰੀ ਮਨਜ਼ੂਰੀ ਦੀ ਉਡੀਕ ਕਰਨੀ ਪਵੇਗੀ।












