ਪੰਜਾਬ ਦੇ ਬਹੁ-ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਕਾਂਡ ਵਿੱਚ ਕਪੂਰਥਲਾ ਦੀ ਵਧੀਕ ਸੈਸ਼ਨ ਜੱਜ ਅਦਾਲਤ ਵੱਲੋਂ ਅਹਿਮ ਫ਼ੈਸਲਾ ਸੁਣਾਉਂਦਿਆਂ ਨਾਮਜ਼ਦ ਤਿੰਨ ਪੁਲਿਸ ਅਧਿਕਾਰੀਆਂ ਨੂੰ ਕੇਸ ਵਿੱਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਵਧੀਕ ਸੈਸ਼ਨ ਜੱਜ ਗੁਰਮੀਤ ਟਿਵਾਣਾ ਦੀ ਅਦਾਲਤ ਨੇ ਮੰਗਲਵਾਰ ਨੂੰ ਫ਼ੈਸਲਾ ਸੁਣਾਉਂਦਿਆਂ ਸਪੱਸ਼ਟ ਕੀਤਾ ਕਿ ਅਦਾਲਤੀ ਰਿਕਾਰਡ ‘ਤੇ ਮੌਜੂਦ ਸਮੱਗਰੀ ਅਤੇ ਤੱਥਾਂ ਦੇ ਆਧਾਰ ‘ਤੇ ਮੁਲਜ਼ਮਾਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਕੋਈ ਜੁਰਮ ਸਾਬਤ ਨਹੀਂ ਹੁੰਦਾ। ਅਦਾਲਤ ਵੱਲੋਂ ਡਿਸਚਾਰਜ ਕੀਤੇ ਗਏ ਪੁਲਿਸ ਅਧਿਕਾਰੀਆਂ ਵਿੱਚ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ-1 ਦੇ ਤਤਕਾਲੀ ਐੱਸ.ਐੱਚ.ਓ. ਇੰਸਪੈਕਟਰ ਨਵਦੀਪ ਸਿੰਘ, ਏ.ਐੱਸ.ਆਈ. ਬਲਵਿੰਦਰ ਕੁਮਾਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਤਿੰਨਾਂ ਖ਼ਿਲਾਫ਼ ਥਾਣਾ ਤਲਵੰਡੀ ਚੌਧਰੀਆਂ ਵਿਖੇ ਐੱਫ.ਆਈ.ਆਰ. ਨੰਬਰ 52 ਦਰਜ ਕੀਤੀ ਗਈ ਸੀ।
16 ਅਗਸਤ ਨੂੰ ਥਾਣੇ ‘ਚ ਹੋਇਆ ਸੀ ਵਿਵਾਦ
ਇਹ ਸਾਰਾ ਮਾਮਲਾ 16 ਅਗਸਤ 2023 ਦੀ ਪੁਲਿਸ ਕਾਰਵਾਈ ਨਾਲ ਜੁੜਿਆ ਹੋਇਆ ਹੈ। ਉਸ ਸਮੇਂ ਇਹ ਆਰੋਪ ਸਾਹਮਣੇ ਆਇਆ ਸੀ ਕਿ ਮਾਨਵਜੀਤ ਸਿੰਘ ਢਿੱਲੋਂ ਨੂੰ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ-1 ਵਿਖੇ ਪੁਲਿਸ ਕਾਰਵਾਈ ਦਾ ਸਾਹਮਣਾ ਕਰਨਾ ਪਿਆ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਸੀ ਕਿ ਪੁਲਿਸ ਮੁਲਾਜ਼ਮਾਂ ਦੇ ਕਥਿਤ ਦੁਰਵਿਵਹਾਰ ਅਤੇ ਕੁੱਟਮਾਰ ਕਾਰਨ ਮਾਨਵਜੀਤ ਡੂੰਘੇ ਮਾਨਸਿਕ ਤਣਾਅ ਵਿੱਚ ਆ ਗਿਆ ਸੀ।
ਇਸ ਘਟਨਾ ਦੇ ਅਗਲੇ ਹੀ ਦਿਨ ਮਾਨਵਜੀਤ ਸਿੰਘ ਢਿੱਲੋਂ ਅਤੇ ਉਸ ਦੇ ਛੋਟੇ ਭਰਾ ਜਸ਼ਨਬੀਰ ਸਿੰਘ ਢਿੱਲੋਂ ਨੇ ਗੋਇੰਦਵਾਲ ਸਾਹਿਬ ਪੁਲ ਤੋਂ ਬਿਆਸ ਦਰਿਆ ਵਿੱਚ ਛਾਲ ਮਾਰ ਦਿੱਤੀ ਸੀ। ਇਸ ਦੁਖਾਂਤਕ ਘਟਨਾ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਦੋਵਾਂ ਭਰਾਵਾਂ ਦੀ ਭਾਲ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਗਈ ਸੀ। ਕਰੀਬ ਦੋ ਹਫ਼ਤਿਆਂ ਬਾਅਦ 2 ਸਤੰਬਰ 2023 ਨੂੰ ਜਸ਼ਨਬੀਰ ਦੀ ਲਾਸ਼ ਬਿਆਸ ਦਰਿਆ ਦੇ ਕੰਢੇ ਮੰਡ ਖੇਤਰ ਵਿੱਚੋਂ ਬਰਾਮਦ ਹੋਈ ਸੀ, ਜਦਕਿ ਉਸ ਸਮੇਂ ਮਾਨਵਜੀਤ ਦੀ ਲਾਸ਼ ਨਹੀਂ ਮਿਲੀ ਸੀ।
ਤਿੰਨ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਦਰਜ ਹੋਇਆ ਸੀ ਮਾਮਲਾ
ਜਸ਼ਨਬੀਰ ਦੀ ਦੇਹ ਮਿਲਣ ਉਪਰੰਤ 3 ਸਤੰਬਰ 2023 ਨੂੰ ਥਾਣਾ ਤਲਵੰਡੀ ਚੌਧਰੀਆਂ ਵਿਖੇ ਐੱਫ.ਆਈ.ਆਰ. ਨੰਬਰ 52 ਦਰਜ ਕੀਤੀ ਗਈ ਸੀ। ਇਸ ਤਹਿਤ ਇੰਸਪੈਕਟਰ ਨਵਦੀਪ ਸਿੰਘ, ਏ.ਐੱਸ.ਆਈ. ਬਲਵਿੰਦਰ ਕੁਮਾਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 306 (ਖ਼ੁਦਕੁਸ਼ੀ ਲਈ ਉਕਸਾਉਣਾ), 506 (ਧਮਕਾਉਣਾ) ਅਤੇ 34 ਤਹਿਤ ਕੇਸ ਦਰਜ ਕੀਤਾ ਗਿਆ ਸੀ। ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਸੀ ਕਿ ਪੁਲਿਸ ਮੁਲਾਜ਼ਮਾਂ ਦੀ ਕਥਿਤ ਪ੍ਰਤਾੜਨਾ ਤੋਂ ਤੰਗ ਆ ਕੇ ਹੀ ਦੋਵਾਂ ਭਰਾਵਾਂ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ।












