ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ ‘ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹੁੱਡਾ ਦੇ ਬਿਆਨ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।
ਧਾਲੀਵਾਲ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਮਾਮਲਿਆਂ ਕਾਰਨ ਸਿੱਖ ਭਾਈਚਾਰੇ ਦੇ ਜ਼ਖ਼ਮ ਅੱਜ ਵੀ ਤਾਜ਼ਾ ਹਨ। ਅਜਿਹੇ ਵਿਅਕਤੀ ਨੂੰ ‘ਰੋਲ ਮਾਡਲ’ ਦੱਸਣਾ ਬੇਹੱਦ ਮੰਦਭਾਗਾ ਹੈ ਅਤੇ ਇਸ ਨਾਲ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।
ਆਪ ਆਗੂ ਨੇ ਤੰਜ ਕੱਸਦਿਆਂ ਕਿਹਾ ਕਿ ਜੇਕਰ ਸੱਜਣ ਕੁਮਾਰ ਕਾਂਗਰਸ ਲਈ ਰੋਲ ਮਾਡਲ ਹਨ ਤਾਂ ਰਾਹੁਲ ਗਾਂਧੀ ਆਪਣੇ ਪੰਜਾਬ ਦੌਰੇ ਦੌਰਾਨ ਬੱਸ ਦੇ ਅੱਗੇ ਸੱਜਣ ਕੁਮਾਰ ਦੀ ਤਸਵੀਰ ਲਗਾ ਕੇ ਆਉਣ। ਉਨ੍ਹਾਂ ਕਿਹਾ ਕਿ 1984 ਦੀ ਹਿੰਸਾ ਨੂੰ ਦੇਸ਼ ਕਦੇ ਨਹੀਂ ਭੁੱਲ ਸਕਦਾ।
ਧਾਲੀਵਾਲ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਗਟ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਵੀ ਇਸ ਮਾਮਲੇ ‘ਤੇ ਆਪਣਾ ਸਪੱਸ਼ਟ ਰੁਖ਼ ਜਨਤਕ ਕਰਨ ਦੀ ਅਪੀਲ ਕੀਤੀ।
ਇਸ ਬਿਆਨ ਨਾਲ ਪੰਜਾਬ ਦੀ ਸਿਆਸਤ ਵਿੱਚ 1984 ਦੇ ਮੁੱਦੇ ਨੂੰ ਲੈ ਕੇ ਇੱਕ ਵਾਰ ਫਿਰ ਸਿਆਸੀ ਤਕਰਾਰ ਤੇਜ਼ ਹੋਣ ਦੇ ਆਸਾਰ ਬਣ ਗਏ ਹਨ।












