ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਮਾਣ-ਸਤਿਕਾਰ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਲਗਪਗ 1,100 ਅਧਿਆਪਕਾਂ ਨੂੰ ਲਾਭ ਹੋਵੇਗਾ, ਜਿਸ ਨਾਲ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਲਗਪਗ 10,000 ਰੁਪਏ ਤੋਂ ਵਧ ਕੇ 22,000 ਰੁਪਏ ਤੋਂ ਵੱਧ ਹੋ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਆਪਕਾਂ ਦੇ ਵਫ਼ਦ ਨਾਲ ਮੀਟਿੰਗ ਕਰਦਿਆਂ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਭਵਿੱਖ ਨੂੰ ਬਣਾਉਣ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਦੇ ਬਾਵਜੂਦ ਅਧਿਆਪਕ ਭਾਈਚਾਰੇ ਦੀ ਅਣਦੇਖੀ ਕੀਤੀ ਸੀ। ਉਨ੍ਹਾਂ ਕਿਹਾ, “ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਲਗਪਗ ਦੋ ਦਹਾਕਿਆਂ ਤੋਂ ਇਹ ਅਧਿਆਪਕ ਘੱਟ ਤਨਖਾਹ ਮਿਲਣ ਦੇ ਬਾਵਜੂਦ ਸਮਰਪਣ ਭਾਵਨਾ ਨਾਲ ਸੇਵਾਵਾਂ ਨਿਭਾ ਰਹੇ ਹਨ। ਸਾਡੀ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦ ਤੋਂ ਵੱਧ ਵਾਧਾ ਕਰਕੇ ਇਸ ਲੰਬੇ ਸਮੇਂ ਤੋਂ ਚੱਲੇ ਆ ਰਹੇ ਅਨਿਆਂ ਨੂੰ ਦੂਰ ਕਰਨ ਦਾ ਫ਼ੈਸਲਾ ਕੀਤਾ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਨਾ ਸਿਰਫ਼ ਵਧੀ ਹੋਈ ਤਨਖਾਹ ਮਿਲੇਗੀ, ਸਗੋਂ ਕੇਂਦਰੀ ਵਿਦਿਆਲਿਆ ਸਕੂਲ ਦੀ ਤਰਜ਼ ’ਤੇ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ, ਜਿਸ ਨਾਲ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਵਿੱਚ ਸੁਧਾਰ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਵੇਲੇ ਸੀ.ਬੀ.ਐੱਸ.ਈ. (CBSE) ਤੋਂ ਮਾਨਤਾ ਪ੍ਰਾਪਤ ਇਨ੍ਹਾਂ ਆਦਰਸ਼ ਸਕੂਲਾਂ ਵਿੱਚ 15,000 ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਸੂਬਾ ਸਰਕਾਰ ਵਿਦਿਆਰਥੀਆਂ ਅਤੇ ਅਧਿਆਪਕਾਂ—ਦੋਵਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ, “ਜਦੋਂ ਅਧਿਆਪਕ ਸੁਰੱਖਿਅਤ ਅਤੇ ਸਤਿਕਾਰਤ ਮਹਿਸੂਸ ਕਰਦੇ ਹਨ, ਤਾਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲਦੀ ਹੈ। ਸਾਡੀ ਤਰਜੀਹ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ, ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦਾ ਭਵਿੱਖ ਸੁਰੱਖਿਅਤ ਰਹੇ।”












