ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ ਗਈ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਿਸਾਨ ਮੋਰਚੇ ਦੇ ਪੰਡਾਲ ਵਿੱਚ ਕਿਸਾਨਾਂ ਦੀਆਂ ਪ੍ਰਵਾਨ ਕੀਤੀਆਂ ਮੰਗਾਂ ਦਾ ਐਲਾਨ ਕਰਨਗੇ। ਖੇਤੀਬਾੜੀ ਮੰਤਰੀ ਦੇ ਐਲਾਨ ਤੋਂ ਬਾਅਦ ਪਿਛਲੇ ਸੱਤ ਦਿਨਾਂ ਤੋਂ ਚੰਡੀਗੜ੍ਹ ਦੀ ਬਰੂਹਾਂ ਉੱਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ ਸਮਾਪਤ ਹੋਣ ਜਾ ਰਿਹਾ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਇੱਥੇ ਪਹੁੰਚੇ ਕਿਸਾਨ ਆਪੋ-ਆਪਣੇ ਘਰਾਂ ਨੂੰ ਰਵਾਨਾ ਹੋ ਰਹੇ ਹਨ।
ਜ਼ਿਕਰਯੋਗ ਹੈ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਅਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨਾਲ ਐਤਵਾਰ ਰਾਤੀਂ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੀ ਪ੍ਰਮੁੱਖ ਮੰਗ ਦਰਿਆਈ ਪਾਣੀਆਂ ਦੇ ਸਮਝੌਤਿਆਂ ਦੀਆਂ ਕੁਝ ਮੱਦਾਂ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਰੱਦ ਕਰਨ ਦੀ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕਰ ਲਈ ਗਈ ਸੀ। ਇਸ ਦੇ ਨਾਲ ਬਿਜਲੀ ਸੋਧ ਬਿਲ, ਬੀਜ ਬਿਲ ਅਤੇ ਕਿਸਾਨਾਂ ਦੇ ਕਰਜ਼ਿਆਂ ਲਈ ਇੱਕ ਮੁਸ਼ਤ ਸੈਟਲਮੈਂਟ ਸਮੇਤ ਕੁਝ ਹੋਰ ਮੰਗਾਂ ਵੀ ਪ੍ਰਵਾਨੀਆਂ ਗਈਆਂ ਸਨ। ਜਿਨਾਂ ਵਿੱਚ ਗੰਨੇ ਦਾ ਭਾਅ ਵਧਾਉਣ ਮੰਗ ਵੀ ਸ਼ਾਮਿਲ ਹੈ ।












