ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਵਿਖੇ ਪੁਲੀਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਜਸਥਾਨ ਪੁਲੀਸ ਨੇ ਗੁਰੂ ਕੇ ਲੰਗਰਾਂ ਦੀ ਬੇਅਦਬੀ ਕੀਤੀ, ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਤੇ ਹੋਰ ਸ਼ਹੀਦਾਂ ਦੇ ਪੋਸਟਰ ਪਾੜੇ ਅਤੇ ਸਿੱਖ ਆਗੂ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਗ੍ਰਿਫ਼ਤਾਰ ਕੀਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਅਜਿਹਾ ਵਿਵਹਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਉਂਦਾ ਹੈ। ਕਿਸੇ ਵੀ ਮਸਲੇ ਦਾ ਹੱਲ ਕਾਨੂੰਨੀ ਤਰੀਕੇ ਨਾਲ ਹੋ ਸਕਦਾ ਹੈ, ਪਰ ਧਾਰਮਿਕ ਅਸਥਾਨ ’ਤੇ ਅਜਿਹੀ ਧੱਕੇਸ਼ਾਹੀ ਵਾਜਬ ਨਹੀਂ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸਿੱਖ ਮਸਲਿਆਂ ਲਈ ਆਵਾਜ਼ ਉਠਾਉਣ ਵਾਲੇ ਭਾਈ ਟਿੰਮਾ ਨੂੰ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕਰਨਾ ਸਿੱਖਾਂ ਦੀ ਆਵਾਜ਼ ਦਬਾਉਣ ਅਤੇ ਪੱਖਪਾਤੀ ਰਵੱਈਏ ਦਾ ਪ੍ਰਗਟਾਵਾ ਹੈ।
ਐਸ.ਜੀ.ਪੀ.ਸੀ. ਪ੍ਰਧਾਨ ਨੇ ਰਾਜਸਥਾਨ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਮਰਿਆਦਾ ਤੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਾਈ ਟਿੰਮਾ ਵਿਰੁੱਧ ਦਰਜ ਮਾਮਲੇ ਦੀ ਜਾਂਚ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਤਾੜਨਾ ਕੀਤੀ ਕਿ ਦੇਸ਼ ਵਿੱਚ ਕਿਸੇ ਵੀ ਧਾਰਮਿਕ ਭਾਈਚਾਰੇ ਨਾਲ ਵਿਤਕਰਾ ਸੰਵਿਧਾਨ ਅਤੇ ਲੋਕਤੰਤਰੀ ਮੁੱਲਾਂ ਦੇ ਖ਼ਿਲਾਫ਼ ਹੈ। ਇਸ ਘਟਨਾ ਕਾਰਨ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ, ਇਸ ਲਈ ਸਰਕਾਰ ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਕਦਮ ਚੁੱਕੇ।












