ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ ਨੇ ਸਾਂਝੀ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਦੇ ਗੈਰ-ਕਾਨੂੰਨੀ ਮਕਾਨ ਨੂੰ ਢਾਹੁਣ ਦਾ ਕੰਮ ਸ਼ੁਰੂ ਕੀਤਾ ਹੈ। ਸ਼ਹਿਰ ਦੇ ਤੇਜ ਮੋਹਨ ਨਗਰ ਇਲਾਕੇ ਵਿੱਚ ਰਹਿਣ ਵਾਲੇ ਕਥਿਤ ਨਸ਼ਾ ਤਸਕਰ ਗਗਨਦੀਪ ਉਰਫ਼ ਗੱਗੀ ਦੇ ਘਰ ’ਤੇ ਪ੍ਰਸ਼ਾਸਨ ਵੱਲੋਂ ਪੀਲਾ ਪੰਜਾ ਚਲਾਇਆ ਗਿਆ। ਜਾਣਕਾਰੀ ਮੁਤਾਬਕ, ਇਹ ਮਕਾਨ ਕਰੀਬ 70 ਸਾਲ ਪੁਰਾਣਾ ਦੱਸਿਆ ਜਾ ਰਿਹਾ ਹੈ। ਪੁਲਿਸ ਅਤੇ ਨਗਰ ਨਿਗਮ ਦੀ ਸਾਂਝੀ ਟੀਮ ਵੱਲੋਂ ਮੌਕੇ ’ਤੇ ਪਹੁੰਚ ਕੇ ਢਾਹੁਣ ਦੀ ਕਾਰਵਾਈ ਕੀਤੀ ਗਈ।
ਪੂਰਥਲਾ ਜੇਲ੍ਹ ਵਿੱਚ ਬੰਦ ਹੈ ਮੁਲਜ਼ਮ
ਇਸ ਸਬੰਧੀ ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ, ‘ਸਬੰਧਤ ਵਿਅਕਤੀ ਖ਼ਿਲਾਫ਼ NDPS ਐਕਟ ਤਹਿਤ ਕਈ ਮਾਮਲੇ ਦਰਜ ਹਨ ਅਤੇ ਉਹ ਹਾਲ ਹੀ ਵਿੱਚ ਮੁੜ ਕਪੂਰਥਲਾ ਜੇਲ੍ਹ ਵਿੱਚ ਬੰਦ ਹੈ।’
ਨਸ਼ਾ ਤਸਕਰਾਂ ਨੂੰ ਪੁਲਿਸ ਕਮਿਸ਼ਨਰ ਦਾ ਮੈਸੇਜ
ਪੁਲਿਸ ਕਮਿਸ਼ਨਰ ਨੇ ਕਿਹਾ ਕਿ ‘ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਨਸ਼ਾ ਤਸਕਰੀ ਰਾਹੀਂ ਜਾਇਦਾਦ ਬਣਾਉਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।’
CP ਸਤਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ‘ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਇਹ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹੋਣ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।’
ਪ੍ਰਸ਼ਾਸਨ ਦਾ ਮਕਸਦ ਨਸ਼ੇ ਦਾ ਖਾਤਮਾ
ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਇਸ ਸਖ਼ਤ ਕਾਰਵਾਈ ਦਾ ਮੁੱਖ ਉਦੇਸ਼ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਇੱਕ ਸਖ਼ਤ ਸੰਦੇਸ਼ ਦੇਣਾ ਹੈ ਕਿ ਗੈਰ-ਕਾਨੂੰਨੀ ਗਤੀਵਿਧੀਆਂ ਜਾਂ ਨਸ਼ੇ ਦੀ ਕਮਾਈ ਨਾਲ ਬਣਾਈਆਂ ਗਈਆਂ ਜਾਇਦਾਦਾਂ ਖ਼ਿਲਾਫ਼ ਕਾਨੂੰਨ ਮੁਤਾਬਕ ਅਜਿਹੀ ਹੀ ਸਖ਼ਤ ਕਾਰਵਾਈ ਜਾਰੀ ਰਹੇਗੀ। ਪੁਲਿਸ ਨੇ ਸ਼ਹਿਰ ਵਿੱਚ ਅਜਿਹੀਆਂ ਕੁਝ ਹੋਰ ਜਾਇਦਾਦਾਂ ਦੀ ਵੀ ਨਿਸ਼ਾਨਦੇਹੀ ਕੀਤੀ ਹੈ।












