ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ ਦਾਸੂਵਾਲ ਗੈਂਗ ਦੇ ਮੁੱਖ ਆਗੂ ਗੁਰਵਿੰਦਰ ਉਰਫ਼ ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰ ਦਿੱਤਾ ਹੈ। ਪੰਜਾਬ ਪੁਲਿਸ ਨੇ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਏਜੰਸੀ ਅਤੇ ਕੇਂਦਰੀ ਏਜੰਸੀਆਂ ਦੇ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (OFTEC) ਦੇ ਸਹਿਯੋਗ ਨਾਲ ਕੀਤੀ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (AGTF), ਪੰਜਾਬ ਵੱਲੋਂ ‘ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ’ (OFTEC) ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ, ਆਪ੍ਰੇਸ਼ਨ ਸ਼ਹੀਦ (Operation SHAHID) ਤਹਿਤ 10 ਮਹੀਨਿਆਂ ਦੀ ਲੰਬੀ ਅੰਤਰਰਾਸ਼ਟਰੀ ਭਾਲ ਤੋਂ ਬਾਅਦ ਡੋਨੀ ਬਲ-ਪ੍ਰਭ ਦਸੂਵਾਲ ਗੈਂਗ ਦੇ ਮੁੱਖ ਸਰਗਨੇ ਗੁਰਵਿੰਦਰ ਉਰਫ਼ ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ (ਹਵਾਲਗੀ) ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠ ਕੇ ਪੰਜਾਬ ਵਿੱਚ ਟਾਰਗੇਟ ਕਿਲਿੰਗ, ਫਿਰੌਤੀ ਨਾਲ ਸਬੰਧਤ ਫਾਇਰਿੰਗ ਦੀਆਂ ਘਟਨਾਵਾਂ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਨੂੰ ਕਥਿਤ ਤੌਰ ’ਤੇ ਅੰਜਾਮ ਦੇਣ ਦੇ ਨਿਰਦੇਸ਼ ਦੇ ਰਿਹਾ ਸੀ। ਉਸ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਦੇਣ ਵਾਲੇ ਵਿਅਕਤੀ ਲਈ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ।











