ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਹੈ। AICC ਦੇ ਜਨਰਲ ਸਕੱਤਰ ਕੇਸੀ ਵੇਣੁਗੋਪਾਲ ਨੇ ਦੇਰ ਰਾਤ ਕਮੇਟੀ ਦੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ।
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੂੰ ਇਸ ਅਹਿਮ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਕਮੇਟੀ ਵਿਚ ਪੰਜਾਬ ਦੇ ਚੋਟੀ ਦੇ ਨੇਤਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਅਮੇਠੀ ਦੇ ਸਾਂਸਦ ਕਿਸ਼ੋਰੀ ਲਾਲ ਨੂੰ ਵੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਚੋਣ ਦੀਆਂ ਗਤੀਵਿਧੀਆਂ ਤੋਂ ਦੂਰ ਰੱਖੇ ਜਾਣ ਤੋਂ ਨਾਰਾਜ਼ ਚੰਡੀਗੜ੍ਹ ਦੇ ਸਾਂਸਦ ਮਨੀਸ਼ ਤਿਵਾੜੀ ਨੂੰ ਵੀ ਕਮੇਟੀ ਵਿਚ ਜਗ੍ਹਾ ਦਿੱਤੀ ਗਈ ਹੈ।
ਸੂਚੀ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਤੇ ਅੰਬਿਕਾ ਸੋਨੀ ਵਰਗੇ ਦਿੱਗਜ਼ਾਂ ਨੂੰ ਥਾਂ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਾਂਸਦ ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ, ਸ਼ੇਰ ਸਿੰਘ ਘੁਬਾਇਆ, ਡਾ. ਧਰਮਵੀਰ ਗਾਂਧੀ, ਸੁਖਜਿੰਦਰ ਸਿੰਘ ਰੰਧਾਵਾ, ਭਾਰਤ ਭੂਸ਼ਣ ਆਸ਼ੂ, ਸੁਖਪਾਲ ਸਿੰਘ ਖਹਿਰਾ ਤੇ ਸਾਬਕਾ ਕੈਬਨਿਟ ਮੰਤਰੀਆਂ ਨੂੰ ਵੀ ਮੈਂਬਰ ਬਣਾਇਆ ਗਿਆ ਹੈ।
ਨਿਯਮਤ ਮੈਂਬਰਾਂ ਤੋਂ ਇਲਾਵਾ, ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਏ.ਆਈ.ਸੀ.ਸੀ. (AICC) ਦੇ ਜਨਰਲ ਸਕੱਤਰ ਸਚਿਨ ਪਾਇਲਟ, ਉਨ੍ਹਾਂ ਨਾਲ ਜੁੜੇ ਰਾਸ਼ਟਰੀ ਸਕੱਤਰਾਂ ਅਤੇ ਪੰਜਾਬ ਆਧਾਰਿਤ ਸਾਰੇ ਫਰੰਟਲ ਸੰਗਠਨਾਂ ਦੇ ਸੂਬਾ ਪ੍ਰਧਾਨਾਂ ਨੂੰ ਕਮੇਟੀ ਵਿੱਚ ਅਹੁਦੇ ਦੇ ਆਧਾਰ ‘ਤੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।












