ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਵਸਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਅੱਜ ਵੀ ਮਨੁੱਖਤਾ ਦਾ ਮਾਰਗਦਰਸ਼ਨ ਕਰ ਰਹੀਆਂ ਹਨ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਸਾਂਝੇ ਕੀਤੇ ਇੱਕ ਸੰਦੇਸ਼ ਵਿੱਚ ਕਿਹਾ,”ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਨਿੱਘੀਆਂ ਮੁਬਾਰਕਾਂ। ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਲਗਾਤਾਰ ਮਨੁੱਖਤਾ ਦਾ ਮਾਰਗ-ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਦਾ ਸੰਦੇਸ਼ ਸਾਨੂੰ ਦਇਆ, ਆਪਸੀ ਸਾਂਝ ਅਤੇ ਸਰਬੱਤ ਦੇ ਭਲੇ ’ਤੇ ਆਧਾਰਿਤ ਸਮਾਜ ਸਿਰਜਣ ਲਈ ਪ੍ਰੇਰਿਤ ਕਰਦਾ ਰਹੇ।” ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਯਾਨੀ ਪ੍ਰਕਾਸ਼ ਪੁਰਬ ਮੰਗਲਵਾਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਅਨਮੋਲ ਸੰਦੇਸ਼ ਨਾ ਸਿਰਫ਼ ਭਾਰਤ, ਸਗੋਂ ਪੂਰੀ ਦੁਨੀਆ ਲਈ ਪ੍ਰੇਰਨਾਦਾਇਕ ਅਤੇ ਸਾਰਥਕ ਬਣਿਆ ਹੋਇਆ ਹੈ।
ਉਨ੍ਹਾਂ ਕਿਹਾ, “ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਸਮੁੱਚੀ ਮਨੁੱਖਤਾ ਦੀ ਭਲਾਈ ਬਾਰੇ ਸੋਚਿਆ। ਉਨ੍ਹਾਂ ਸਮਾਜ ਨੂੰ ਸੱਚ, ਕਿਰਤ, ਸੇਵਾ, ਦਇਆ ਅਤੇ ਆਪਸੀ ਭਾਈਚਾਰੇ ਦਾ ਮਾਰਗ ਦਿਖਾਇਆ।”
ਪੀ ਐੱਮ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ‘ਤੇ ਦੁਨੀਆ ਭਰ ਦੇ ਸਿੱਖ ਭੈਣ-ਭਰਾ ਅਮਲ ਕਰ ਰਹੇ ਹਨ। ਉਨ੍ਹਾਂ ਕਿਹਾ, “ਮੈਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਵਿੱਚ ਸ਼ਰਧਾ ਨਾਲ ਸੀਸ ਝੁਕਾਉਂਦਾ ਹਾਂ।”












