ਪੰਜਾਬ : – ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ’ਚ ਐਂਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣੀਆਂ ਹਨ। ਇਸ ਵਾਰ ਵੱਖ ਵੱਖ ਸਿਆਸੀ ਧਿਰਾਂ ਦੇ ਮੈਦਾਨ ’ਚ ਹੋਣ ਕਰਕੇ ਫਸਵੇਂ ਮੁਕਾਬਲੇ ਹੋਣ ਜਾ ਰਹੇ ਹਨ ਤਾਂ ਡੇਰੇ ਦੇ ਸਿਆਸੀ ਵਿੰਗ ਵੱਲੋਂ ਅਪਣਾਇਆ ਜਾਣ ਵਾਲਾ ਹਰ ਪੈਂਤੜਾ ਅਹਿਮ ਹੋ ਜਾਂਦਾ ਹੈ।
ਹਾਲਾਂਕਿ ਡੇਰੇ ਵੱਲੋਂ ਅਜੇ ਵੀ ਆਪਣੇ ਫੈਸਲੇ ਬਾਰੇ ਖੁੱਲ੍ਹ ਕੇ ਕੁਝ ਨਹੀਂ ਦੱਸਿਆ ਜਾ ਰਿਹਾ ਹੈ। ਇਸ ਨੂੰ ਗੁਪਤ ਰੱਖਿਆ ਜਾ ਰਿਹਾ ਹੈ। ਡੇਰਾ ਪ੍ਰੇਮੀਆਂ ਨੂੰ ਜ਼ੁਬਾਨੀ ਸੰਦੇਸ਼ ਭੇਜਿਆ ਜਾ ਰਿਹਾ ਹੈ। ਡੇਰਾ ਸੂਤਰਾਂ ਅਨੁਸਾਰ ਇਸ ਵਾਰ ਡੇਰਾ ਸੱਚਾ ਸੌਦਾ ਕਿਸੇ ਇੱਕ ਪਾਰਟੀ ਨੂੰ ਸਪੱਸ਼ਟ ਸਮਰਥਨ ਨਹੀਂ ਦੇਵੇਗਾ, ਸਗੋਂ ਵਿਧਾਨ ਸਭਾ ਹਲਕੇ ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਸੂਬੇ ਵਿੱਚ ਅਜਿਹੀਆਂ ਕਈ ਸੀਟਾਂ ਹਨ ਜਿੱਥੇ ਡੇਰਾ ਸਮਰਥਕ ਫੈਸਲਾਕੁੰਨ ਭੂਮਿਕਾ ਨਿਭਾਉਂਦੇ ਹਨ। ਖਾਸ ਕਰਕੇ ਮਾਲਵੇ ਵਿੱਚ ਡੇਰੇ ਦਾ ਵੱਡਾ ਵੋਟ ਬੈਂਕ ਹੈ। ਇਸ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਚੋਣਾਂ ਵਿੱਚ ਵੀ ਡੇਰਾ ਅਹਿਮ ਭੂਮਿਕਾ ਨਿਭਾਉਂਦਾ ਹੈ।
ਪੰਜਾਬ ਦੀ ਸੱਤਾ ’ਚ ਫੈਸਲਾਕੁੰਨ ਭੂਮਿਕਾ ਨਿਭਾਉਣ ਵਾਲੇ ਮਾਲਵਾ ਖਿੱਤੇ ਨਾਲ ਸਬੰਧਤ 69 ਵਿਧਾਨ ਸਭਾ ਹਲਕਿਆਂ ਵਿੱਚੋਂ 40 ਤੋਂ 43 ਹਲਕੇ ਅਜਿਹੇ ਹਨ ਜਿੰਨ੍ਹਾਂ ਤੇ ਡੇਰਾ ਸੱਚਾ ਸੌਦਾ ਦਾ ਜਬਰਦਸਤ ਪ੍ਰਭਾਵ ਹੈ। ਖਾਸ ਤੱਥ ਹੈ ਕਿ ਮਾਲਵੇ ਵਿਚਲੇ ਬਾਕੀ ਹਲਕੇ ਵੀ ਡੇਰੇ ਦੇ ਅਸਰ ਤੋਂ ਪੂਰੀ ਤਰਾਂ ਮੁਕਤ ਨਹੀਂ ਹਨ।
ਸਿਆਸੀ ਵਿੰਗ ਦੇ ਆਗੂ ਇਸ ਮਾਮਲੇ ’ਤੇ ਮੂੰਹ ਖੋਲ੍ਹਣ ਨੂੰ ਤਿਆਰ ਨਹੀਂ ਜਦੋਂਕਿ ਕਈ ਪੈਰੋਕਾਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੂਤਰਾਂ ਨੇ ਦੱਸਿਆ ਹੈ ਕਿ ਡੇਰਾ ਸਿਰਸਾ ਦੇ ਸਿਆਸੀ ਵਿੰਗ ਨੇ ਜੋ ਗੁਪਤ ਸੁਨੇਹੇ ਲਾਏ ਹਨ, ਉਨ੍ਹਾਂ ਅਨੁਸਾਰ ਡੇਰਾ ਸਿਰਸਾ ਨੇ ਕੁੱਝ ਹਲਕਿਆਂ ’ਚ ਅਕਾਲੀ ਦਲ ਅਤੇ ਕਈ ਥਾਈ ਭਾਜਪਾ ਦੀ ਸਿਆਸੀ ਮਦਦ ਕਰਨ ਦਾ ਫੈਸਲਾ ਲਿਆ ਹੈ ਜਦੋਂ ਕਿ ਕਈ ਹਲਕਿਆਂ ਵਿੱਚ ਪੈਰੋਕਾਰਾਂ ਨੂੰ ਝਾੜੂ ਚੁਕਵਾਉਣ ਦੀਆਂ ਖਬਰਾਂ ਵੀ ਹਨ।
ਡੇਰੇ ਦੇ ਸੂਤਰਾਂ ਅਨੁਸਾਰ ਇਸ ਵਾਰ ਡੇਰੇ ਨੇ ਵੱਖ-ਵੱਖ ਖੇਤਰਾਂ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਇਹ ਵੀ ਸਪੱਸ਼ਟ ਨਹੀਂ ਹੈ ਕਿ ਇਹ ਸਮਰਥਨ ਕਿਸ ਵਿਧਾਨ ਸਭਾ ਹਲਕੇ ਵਿੱਚ ਦਿੱਤਾ ਗਿਆ ਹੈ। ਡੇਰੇ ਦੇ ਅਧਿਕਾਰੀ ਇਹ ਦੱਸਣ ਨੂੰ ਤਿਆਰ ਨਹੀਂ ਹਨ ਕਿ ਡੇਰੇ ਵੱਲੋਂ ਕਿਸ ਉਮੀਦਵਾਰ ਜਾਂ ਪਾਰਟੀ ਨੂੰ ਸਮਰਥਨ ਦਿੱਤਾ ਗਿਆ ਹੈ।












