ਪੰਜਾਬ ਵਿੱਚ ਇਸ ਵਾਰ ਕਾਂਗਰਸ, ਆਮ ਆਦਮੀ ਪਾਰਟੀ (ਆਪ), ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗਠਜੋੜ ਅਤੇ ਭਾਜਪਾ ਤੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ, ਸੁਖਦੇਵ ਸਿੰਘ ਢੀਂਡਸਾ ਨਾਲ ਗਠਜੋੜ ਕਰਕੇ ਮੈਦਾਨ ਵਿਚ ਉਤਰੇ ਹਨ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਸੂਬੇ ਵਿੱਚ ਸ਼ਾਂਤੀਪੂਰਨ ਵੋਟਾਂ ਪੈਣ ਲਈ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ ਹੈ। ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਇਸ ਵਾਰ ਬਦਲਾਅ ਅਤੇ ਸੂਬੇ ਵਿੱਚ ਇੱਕ ਇਮਾਨਦਾਰ ਸਰਕਾਰ ਬਣਾਉਣ ਲਈ ਵੱਡੀ ਗਿਣਤੀ ਵਿੱਚ ਵੋਟਾਂ ਪਾਈਆਂ ਹਨ।
ਸੋਮਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇੱਕ ਬਿਆਨ ਵਿੱਚ ਭਗਵੰਤ ਮਾਨ ਨੇ ਕਿਹਾ, “ਪੰਜਾਬ ਦੇ 3 ਕਰੋੜ ਲੋਕਾਂ ਨੂੰ ਵਧਾਈ, ਜਿਨ੍ਹਾਂ ਨੇ ਵਫ਼ਾਦਾਰੀ ਨਾਲ ਆਪਣਾ ਲੋਕਤੰਤਰੀ ਫਰਜ਼ ਨਿਭਾਇਆ ਹੈ।ਪੰਜਾਬ ਵਿੱਚ ਸ਼ਾਂਤਮਈ ਢੰਗ ਨਾਲ ਹੋਈਆਂ ਚੋਣਾਂ ਇਸ ਗੱਲ ਦਾ ਪ੍ਰਮਾਣ ਹਨ ਕਿ ਬਦਲਾਅ ਦਾ ਸਮਾਂ ਆ ਗਿਆ ਹੈ। ਪੰਜਾਬੀਆਂ ਨੇ ਇਸ ਵਾਰ ਮੂੰਹ ਤੋੜਵਾਂ ਜਵਾਬ ਦਿੱਤਾ ਹੈ।” ਮਾਨ ਨੇ ਆਮ ਆਦਮੀ ਪਾਰਟੀ ਦੇ ਉਨ੍ਹਾਂ ਸਾਰੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਚੋਣ ਪ੍ਰਚਾਰ ਦੌਰਾਨ ਅਣਥੱਕ ਮਿਹਨਤ ਕੀਤੀ।












