ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣ ਵਾਲੇ ਹਨ। ਜਿਸ ਤੋਂ ਬਾਅਦ ਸੂਬੇ ਦੀ ਸਿਆਸਤ ‘ਚ ਵੱਡਾ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ। ਕਾਂਗਰਸ ਆਗੂ ਨਵਜੋਤ ਕੌਰ ਸਿੱਧੂ ਸਿਆਸਤ ਛੱਡ ਸਕਦੀ ਹੈ। ਪੰਜਾਬ ਕਾਂਗਰਸ ਪ੍ਰਧਾਨ ਅਤੇ ਨਵਜੋਤ ਕੌਰ ਦੇ ਪਤੀ ਨਵਜੋਤ ਸਿੰਘ ਸਿੱਧੂ ਨੇ ਵੀ ਕਿਹਾ ਹੈ ਕਿ ਚੋਣਾਂ ਤੋਂ ਬਾਅਦ ਇਹ ਕਾਫੀ ਹੱਦ ਤੱਕ ਸੰਭਵ ਹੈ। ਨਵਜੋਤ ਕੌਰ ਸਿੱਧੂ ਮੁੜ ਤੋਂ ਡਾਕਟਰੀ ਪੇਸ਼ੇ ਵਿੱਚ ਜਾਣ ਬਾਰੇ ਵਿਚਾਰ ਕਰ ਰਹੀ ਹੈ।
ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਜੇਕਰ ਰਾਜਨੀਤੀ ‘ਚ ਉਨ੍ਹਾਂ ਦੇ ਕੰਮ ਨਹੀਂ ਆਏ ਤਾਂ ਉਹ ਇਕ ਵਾਰ ਫਿਰ ਤੋਂ ਡਾਕਟਰੀ ਕਿੱਤੇ ਨੂੰ ਅਪਣਾਉਣਾ ਚਾਹੁੰਦੀ ਹੈ। ਨਵਜੋਤ ਕੌਰ ਸਿੱਧੂ ਪਿਛਲੇ ਕੁਝ ਮਹੀਨਿਆਂ ਤੋਂ ਕਾਂਗਰਸ ਪਾਰਟੀ ਤੋਂ ਨਾਰਾਜ਼ ਚੱਲ ਰਹੀ ਹੈ। ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਬਣਾਉਣ ਦੇ ਫੈਸਲੇ ‘ਤੇ ਸਵਾਲ ਖੜ੍ਹੇ ਕੀਤੇ ਸੀ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੱਧੂ ਚੰਨੀ ਨਾਲੋਂ ਬਿਹਤਰ ਉਮੀਦਵਾਰ ਸਾਬਤ ਹੋ ਸਕਦੇ ਸੀ।












