ਕਾਂਗਰਸ ਪਾਰਟੀ ਦਾ ਕਲੇਸ਼ ਰੁੱਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਕਾਂਗਰਸੀ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਡੀਜੀਪੀ ਵੀਰੇਸ਼ ਕੁਮਾਰ ਭਾਵਰਾ ਨੂੰ ਪੱਤਰ ਲਿਖ ਕੇ ਨਸ਼ਿਆਂ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪੁਲੀਸ ’ਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਹੈ। ਡੀਜੀਪੀ ਨੂੰ ਲਿਖੇ ਪੱਤਰ ਵਿੱਚ ਸਾਂਸਦ ਔਜਲਾ ਨੇ ਕਿਹਾ ਹੈ ਕਿ ਪੰਜਾਬ ਸੂਬੇ ਦੇ ਲੋਕ ਜੋ ਕਦੇ ਆਪਣੀ ਸੂਝ-ਬੂਝ ਅਤੇ ਬਹਾਦਰੀ ਲਈ ਜਾਣੇ ਜਾਂਦੇ ਸਨ, ਨੂੰ ਹੁਣ ਅੰਤਰਰਾਸ਼ਟਰੀ ਮੰਚਾਂ ਵਿੱਚ ਨਸ਼ੇੜੀ ਕਿਹਾ ਜਾਂਦਾ ਹੈ। ਪੰਜਾਬ ਰਾਜ ਵਿੱਚ ਨਸ਼ਿਆਂ ਅਤੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜਿਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ’ਤੇ ਆਉਂਦੀ ਹੈ।
ਉਨ੍ਹਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਨਸ਼ੇ ਦੇ ਖਿਲਾਫ ਕੰਮ ਕਰ ਰਹੇ ਹਨ । ਉਹ ਕਈ ਮੌਕਿਆਂ ‘ਤੇ ਜ਼ਿਲ੍ਹਾ ਪੁਲਿਸ ਨੂੰ ਕਾਰਵਾਈ ਕਰਨ ਲਈ ਸੁਚੇਤ ਕਰ ਚੁੱਕੇ ਹਨ, ਪਰ ਸਥਾਨਕ ਪੁਲਿਸ ਦੇ ਸ਼ਾਂਤ ਰਵੱਈਏ ਕਾਰਨ ਵਸਨੀਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਔਜਲਾ ਨੇ ਕਿਹਾ ਹੈ ਕਿ ਜ਼ਿਆਦਾਤਰ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਵਿੱਚ ਨਜਾਇਜ਼ ਨਸ਼ੇ, ਨਾਜਾਇਜ਼ ਸ਼ਰਾਬ ਅਤੇ ਸੱਟੇਬਾਜ਼ੀ ਆਮ ਹੁੰਦੀ ਜਾ ਰਹੀ ਹੈ ਅਤੇ ਇਸ ਕਾਰਨ ਲੋਕਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ। ਇਹ ਨਿਰਾਸ਼ਾ ਹੇਠਲੇ ਅਤੇ ਮੱਧ ਵਰਗ ਦੇ ਨਿਵਾਸੀਆਂ ਨੂੰ ਅਪਾਹਜ ਕਰ ਰਹੀ ਹੈ। ਨਸ਼ਾ ਤਸਕਰੀ ਦੀ ਜਾਂਚ ਵਿੱਚ ਕਈ ਸੀਨੀਅਰ ਅਧਿਕਾਰੀਆਂ ਅਤੇ ਸਿਆਸਤਦਾਨਾਂ ਦੇ ਨਾਮ ਕਈ ਵਾਰ ਸਾਹਮਣੇ ਆ ਚੁੱਕੇ ਹਨ ਪਰ ਉਹ ਕਾਰਵਾਈ ਕਰਨ ਦੀ ਬਜਾਏ ਸੀਲਬੰਦ ਲਿਫ਼ਾਫ਼ੇ ਵਿੱਚ ਪਏ ਹਨ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਚਾਰ ਲਈ ਪ੍ਰਿਅੰਕਾ ਗਾਂਧੀ ਖੁਦ ਅੰਮ੍ਰਿਤਸਰ ਪੂਰਬੀ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਦੱਤੀ ਲਈ ਰੋਡ ਸ਼ੋਅ ਵੀ ਕੱਢਿਆ ਪਰ ਇਸ ਦੌਰਾਨ ਸ਼ਹਿਰ ਦੇ ਹੋਰ ਆਗੂਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪਾਰਟੀ ਵਿੱਚ ਹੋਰ ਕਲੇਸ਼ ਪੈਦਾ ਹੋ ਗਿਆ ਹੈ।












