ਰੂਸ ਵੱਲੋਂ ਬੀਤੇ ਦਿਨ ਯੂਕਰੇਨ ਤੇ ਬੰਬਾਰੀ ਕਰ ਹਮਲਾ ਸ਼ੁਰੂ ਕਰ ਦਿੱਤਾ ਗਿਆ। ਯੂਕਰੇਨ ‘ਚ 800 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ। ਯੂਕਰੇਨ ਦੇ ਤਣਾਅ ਪੂਰਨ ਮਾਹੌਲ ‘ਚ ਹਰਿਆਣਾ ਦੇ ਫਤਿਹਾਬਾਦ ਦੇ ਵੱਖ-ਵੱਖ ਇਲਾਕਿਆਂ ਦੇ ਕਰੀਬ 12 ਨੌਜਵਾਨ ਫਸੇ ਹੋਏ ਹਨ। ਰੂਸੀ ਹਮਲੇ ਤੋਂ ਬਾਅਦ ਹੁਣ ਉਨ੍ਹਾਂ ਦੇ ਪਰਿਵਾਰ ਵੀ ਆਪਣੇ ਬੱਚਿਆਂ ਦੀ ਤੰਦਰੁਸਤੀ ਨੂੰ ਲੈ ਕੇ ਚਿੰਤਤ ਹਨ। ਯੂਕਰੇਨ ਵਿੱਚ ਫਸੇ ਨੌਜਵਾਨਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਪੇ ਆਪਣੇ ਬੱਚਿਆਂ ਨੂੰ ਵਾਰ-ਵਾਰ ਫੋਨ ਕਰਕੇ ਉਨ੍ਹਾਂ ਦਾ ਹਾਲ ਚਾਲ ਪੁੱਛ ਰਹੇ ਹਨ। ਉੱਥੇ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਨੌਜਵਾਨਾਂ ਨੇ ਵੀ ਪੀਐਮ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਉਥੋਂ ਲੈ ਕੇ ਜਾਣ ਦਾ ਪ੍ਰਬੰਧ ਕੀਤਾ ਜਾਵੇ।
ਯੂਕਰੇਨ ‘ਚ ਫਸੇ ਵਿਦਿਆਰਥੀ ਸਾਹਿਲ ਨੇ ਦਸਿਆ ਕਿ 25 ਫਰਵਰੀ ਨੂੰ ਉਸਦੀ ਫਲਾਈਟ ਸੀ ਪਰ ਰੂਸੀ ਹਮਲੇ ਤੋਂ ਬਾਅਦ ਸਾਰੀਆਂ ਫਲਾਈਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਸਾਹਿਲ ਨੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਸ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਸੁਰੱਖਿਅਤ ਰਹਿ ਸਕੇ। ਇਸ ਤੋਂ ਇਲਾਵਾ ਪਿੰਡ ਟਿੱਬੀ ਦਾ ਵਿਦਿਆਰਥੀ ਸ਼ੁਭਮ ਵੀ ਯੂਕਰੇਨ ਵਿੱਚ ਫਸਿਆ ਹੋਇਆ ਹੈ। ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ।












