ਚੰਡੀਗੜ੍ਹ: ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ‘ਚ 24 ਘੰਟਿਆਂ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ। ਅਜਿਹੇ ‘ਚ ਹਰ ਪਾਰਟੀ ਵੱਲੋਂ ਸਰਕਾਰ ਬਣਨ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸੇ ਲੜੀ ‘ਚ ਬੀਜੇਪੀ ਗਠਜੋੜ ਦੇ ਅਹਿਮ ਭਾਈਵਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੇ ਹਨ। ਦਿਲਚਸਪ ਗੱਲ ਇਹ ਹੈ ਕਿ 10 ਮਾਰਚ ਨੂੰ ਨਤੀਜੇ ਹਨ ਤੇ 11 ਤਾਰੀਕ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਜਨਮਦਿਨ ਹੈ। ਅਜਿਹੇ ‘ਚ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਕੀ ਪੰਜਾਬ ਦੇ ਲੋਕ ਉਨ੍ਹਾਂ ਨੂੰ ਕੋਈ ਚੰਗਾ ਤੋਹਫ਼ਾ ਦਿੰਦੇ ਹਨ ਜਾ ਨਹੀਂ।
ਹਾਲਾਂਕਿ ਇਸ ਵਾਰ ਦੀਆਂ ਚੋਣਾਂ ‘ਚ ਬਹੁਤ ਵੱਖਰੇ ਤਰ੍ਹਾਂ ਦੇ ਸਮੀਕਰਨ ਬਣੇ ਹੋਏ ਹਨ। ਪਿਛਲੇ ਕਈ ਸਾਲਾਂ ਤੋਂ ਕਾਂਗਰਸ ਲਈ ਚੋਣ ਲੜ੍ਹ ਰਹੇ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਕਈ ਵਾਰ ਮੁੱਖ ਮੰਤਰੀ ਵੀ ਰਹਿ ਚੁਕੇ ਹਨ ਤੇ ਹੁਣ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਉਹਨਾਂ ਨੇ ਆਪਣੀ ਵੱਖਰੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਹੈ ਜਿਸਦਾ ਗਠਜੋੜ ਭਾਜਪਾ ਤੇ ਅਕਾਲੀ ਦਲ ਸਯੁੰਕਤ ਨਾਲ ਹੋਇਆ ਹੈ।
ਕੈਪਟਨ ਅਮਰਿੰਦਰ ਸਿੰਘ ਭਾਵੇਂ ਸ਼ਾਹੀ ਖ਼ਾਨਦਾਨ ਨਾਲ ਸਬੰਧ ਰੱਖਦੇ ਹਨ ਪਰ ਸਿਆਸਤ ਵਿੱਚ ਉਨ੍ਹਾਂ ਦਾ ਸਫ਼ਰ ਬੇਹਦ ਚੁਣੌਤੀਆਂ ਭਰਿਆ ਰਿਹਾ ਹੈ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਭਾਜਪਾ ਦੇ ਸੀਨੀਅਰ ਆਗੂ ਅਰੁਣ ਜੇਤਲੀ ਨੂੰ ਹਰਾ ਕੇ ਅੰਮ੍ਰਿਤਸਰ ਦੀ ਸੀਟ ਜਿੱਤੀ ਸੀ। 2019 ਵਿੱਚ ਵੀ 13 ਵਿੱਚੋਂ 8 ਸੀਟਾਂ ਜਿੱਤ ਕੇ ਪੰਜਾਬ ਵਿੱਚ ਕਾਂਗਰਸ ਨੇ ਚੰਗਾ ਪ੍ਰਦਰਸ਼ਨ ਕੀਤਾ ਸੀ। ਉਹ ਦੇਸ਼ ਵਿੱਚ ਕਾਂਗਰਸ ਦੇ ਮੁੱਖ ਚਿਹਰਿਆਂ ਵਿੱਚੋਂ ਇੱਕ ਗਿਣੇ ਜਾਂਦੇ ਸਨ। ਹੁਣ ਭਾਜਪਾ ਨਾਲ ਉਨ੍ਹਾਂ ਦਾ ਸਿਆਸੀ ਸਫ਼ਰ ਕਿਹੋ ਜਿਹਾ ਰਹੇਗਾ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।












