ਸੰਗਰੂਰ : – ਰੁਜ਼ਗਾਰ ਦੀ ਮੰਗ ਨੂੰ ਲੈ ਕੇ 7 ਦੇ ਕਰੀਬ ਬੇਰੁਜ਼ਾਗਰ ਨੌਜਵਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ ਹਨ। ਬੇਰੁਜ਼ਾਗਰ ਨੌਜਵਾਨ ਮੰਗ ਕਰ ਰਹੇ ਸਨ ਕਿ ਪੰਜਾਬ ਪੁਲਿਸ 2016 ਦੀ ਅਧੂਰੀ ਭਰਤੀ ਪ੍ਰਕਿਰਿਆ ਨੂੰ ਪੂਰਾ ਕੀਤਾ ਜਾਵੇ। ਬੇਰੁਜ਼ਗਾਰਾਂ ਦੇ ਟੈਂਕੀ ਉਤੇ ਚੜ੍ਹਨ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੂੰ ਭਾਜੜ ਪੈ ਗਈ। ਭਰਤੀ ਪ੍ਰਕਿਰਿਆ ਨੂੰ ਪੂਰਾ ਕਰਾਉਣ ਦੇ ਲਈ ਉਨ੍ਹਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਹੁਣੇ ਹੀ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਪੁਲਿਸ 2016 ਦੀ ਅਧੂਰੀ ਭਰਤੀ ਪ੍ਰਕਿਰਿਆ ਨੂੰ ਸਿਰੇ ਚੜ੍ਹਾਇਆ ਜਾਵੇ।
ਉਨ੍ਹਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਘਰ-ਘਰ ਆਉਂਦੇ ਸਨ, ਹੁਣ ਉਹ ਸਾਨੂੰ ਮਿਲਦੇ ਹੀ ਨਹੀਂ। ਅੱਜ ਵੀ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਮਿਲਣ ਦੀ ਬਜਾਏ ਹੱਥ ਮਿਲਾਉਂਦੇ ਹੋਏ ਚਲੇ ਗਏ। ਇਸ ਤੋਂ ਗੁੱਸੇ ‘ਚ ਆਏ ਨੌਜਵਾਨਾਂ ਨੇ ਸੰਗਰੂਰ-ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਜਾਮ ਲਗਾ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸੀਐਮ ਮਾਨ ਕੋਲ ਸਾਡੇ ਨਾਲ ਗੱਲ ਕਰਨ ਲਈ 5 ਮਿੰਟ ਵੀ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਨੌਕਰੀ ਨਹੀਂ ਮਿਲਦੀ ਉਹ ਘਰ ਨਹੀਂ ਜਾਣਗੇ। ਹੁਣ ਉਹ ਪੜ੍ਹ-ਲਿਖ ਕੇ ਦਿਹਾੜੀ ਕਰਨ ਲਈ ਮਜਬੂਰ ਹੋ ਰਹੇ ਹਨ।
ਪ੍ਰਦਰਸ਼ਨ ਕਰ ਰਹੇ ਨਵਦੀਪ ਸਿੰਘ ਅਤੇ ਅਮਨਦੀਪ ਕੌਰ ਨੇ ਦੱਸਿਆ ਕਿ 2016 ਵਿੱਚ 7416 ਅਸਾਮੀਆਂ ਦੀ ਭਰਤੀ ਕੀਤੀ ਗਈ ਸੀ। ਇਹ ਮਾਮਲਾ ਪਿਛਲੇ 6 ਸਾਲਾਂ ਤੋਂ ਲਟਕਿਆ ਹੋਇਆ ਹੈ। ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਬਿਨੈਕਾਰਾਂ ਦੀ ਅੱਜ ਤੱਕ ਤਸਦੀਕ ਕੀਤੀ ਜਾ ਚੁੱਕੀ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਜੁਆਇਨ ਨਹੀਂ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਚੋਣਾਂ ਸਮੇਂ ਭਗਵੰਤ ਮਾਨ ਨੇ ਕਿਹਾ ਸੀ ਕਿ ਸਰਕਾਰ ਬਣਦੇ ਹੀ ਉਨ੍ਹਾਂ ਦਾ ਮਸਲਾ ਹੱਲ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ 22 ਮਾਰਚ ਨੂੰ ਉਨ੍ਹਾਂ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਵਿੱਚ ਧਰਨਾ ਦਿੱਤਾ ਸੀ। ਉਥੇ ਉਨ੍ਹਾਂ ਨੂੰ ਸੀ.ਐਮ ਦੇ ਓ.ਐਸ.ਡੀ. ਨੇ 28 ਮਾਰਚ ਨੂੰ ਚੰਡੀਗੜ੍ਹ ਬੁਲਾਇਆ ਸੀ। ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਉਣਗੇ। ਜਦੋਂ ਉਹ ਕੱਲ੍ਹ ਪੁੱਜੇ ਤਾਂ ਉਨ੍ਹਾਂ ਮੁੜ ਮੰਗ ਪੱਤਰ ਲੈ ਕੇ ਕਿਹਾ ਕਿ ਉਹ ਇਸ ਬਾਰੇ ਜ਼ਰੂਰ ਸੋਚਣਗੇ। ਉਨ੍ਹਾਂ ਨੂੰ ਸੀਐਮ ਭਗਵੰਤ ਮਾਨ ਨਾਲ ਮਿਲਣ ਨਹੀਂ ਦਿੱਤਾ ਗਿਆ।














