ਭਾਜਪਾ ਨੇ ਜਥੇਦਾਰ ਟੌਹੜਾ ਨੂੰ ਉਨ੍ਹਾਂ ਦੀ 18ਵੀਂ ਬਰਸੀ ਮੌਕੇ ਭੇਟ ਕੀਤੀ ਸ਼ਰਧਾਂਜਲੀ।
ਚੰਡੀਗੜ੍ਹ : – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਅਤੇ ਸਾਬਕਾ ਆਲ ਇੰਡੀਆ ਅਕਾਲੀ ਦਲ ਦੇ ਪ੍ਰਧਾਨ, ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 18ਵੀਂ ਬਰਸੀ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਆਯੋਜਿਤ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਦੀ ਤਰਫੋਂ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਿੱਲੀ ਤੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ।
ਗਜੇਂਦਰ ਸਿੰਘ ਸ਼ੇਖਾਵਤ ਨੇ ਜਿੱਥੇ ਇਸ ਮੌਕੇ ਜਥੇਦਾਰ ਟੌਹੜਾ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਥੇਦਾਰ ਗੁਰਬਚਨ ਸਿੰਘ ਟੋਹੜਾ ਜੀ ਦਾ ਜੀਵਨ ਸਾਰਿਆਂ ਲਈ ਪ੍ਰੇਰਨਾ ਸਰੋਤ ਸੀ ਅਤੇ ਰਹੇਗਾ। ਉਨ੍ਹਾਂ ਨੇ ਸਿਰਫ਼ 21 ਸਾਲ ਦੀ ਉਮਰ ਵਿੱਚ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ ਅਤੇ ਸਾਰੀ ਉਮਰ ਕਈ ਮੁਸ਼ਕਲਾਂ ਦਾ ਸਾਹਮਣਾ ਕਰਦਿਆਂ ਪੰਜਾਬ ਦੀਆਂ ਮੁੱਖ ਮੰਗਾਂ ਬਾਰੇ ਕਦੇ ਕੋਈ ਸਮਝੌਤਾ ਨਹੀਂ ਕੀਤਾ। ਉਹਨਾਂ ਨੇ ਕਈ ਵਾਰ ਜੇਲ੍ਹ ਵੀ ਕੱਟੀ। ਉਨ੍ਹਾਂ ਨੇ ਵੱਖਰੇ ਪੰਜਾਬ ਰਾਜ ਦੇ ਗਠਨ ਲਈ ਅੰਦੋਲਨ ਵਿੱਚ ਵੀ ਸਰਗਰਮ ਹਿੱਸਾ ਲਿਆ ਅਤੇ ਇਸ ਲਈ ਜੇਲ੍ਹ ਵੀ ਗਏ। ਉਹ 1972 ਤੋਂ 1999 ਤੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹੇ। ਉਹਨਾਂ ਨੇ 1975 ਵਿੱਚ ਐਮਰਜੈਂਸੀ ਦਾ ਵੀ ਜ਼ੋਰਦਾਰ ਵਿਰੋਧ ਕੀਤਾ। ਉਹ 1977 ਵਿੱਚ ਲੋਕ ਸਭਾ ਚੋਣਾਂ ਜਿੱਤ ਕੇ ਰਾਸ਼ਟਰੀ ਰਾਜਨੀਤੀ ਵਿੱਚ ਉਭਰੇ। 1980 ਵਿੱਚ, ਉਹ ਰਾਜ ਸਭਾ ਮੈਂਬਰ ਚੁਣੇ ਗਏ ਅਤੇ ਛੇ ਵਾਰ ਸੰਸਦ ਦੇ ਉਪਰਲੇ ਸਦਨ ਵਿੱਚ ਪੰਜਾਬ ਦੀ ਨੁਮਾਇੰਦਗੀ ਕੀਤੀ। ਜਥੇਦਾਰ ਸਾਹਿਬ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਵਿੱਚ ਆਪਣੀ ਅਵਾਜ਼ ਬੁਲੰਦ ਕੀਤੀ ਅਤੇ ਉਹਨਾਂ ਦੇ ਹੱਕ ਮਿਲਣ ਤੱਕ ਸੰਘਰਸ਼ ਜਾਰੀ ਰੱਖਿਆ। ਸਿੱਖ ਸਿਆਸਤ ਵਿੱਚ ਉਨ੍ਹਾਂ ਦਾ ਅਕਸ ਇੱਕ ਕੱਟੜ ਆਗੂ ਵਜੋਂ ਬਣਿਆ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸ਼ਖ਼ਸੀਅਤ ਅਜਿਹੀ ਸੀ ਜਿਸ ਨੂੰ ਲੋਕ ਸਦੀਆਂ ਤੱਕ ਯਾਦ ਰੱਖਣਗੇ।












