ਸੰਗਰੂਰ, 6 ਅਪ੍ਰੈਲ, 2022: ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਆਮ ਆਦਮੀ ਦੀ ਸਰਕਾਰ ਦੇ ਮੰਤਰੀ ਜਿਹੜੇ ਸੱਤਾ ‘ਚ ਆਉਣ ਤੋਂ ਪਹਿਲਾਂ ਬੇਰੁਜ਼ਗਾਰ ਅਧਿਆਪਕਾਂ ਦੇ ਧਰਨੇ ਵਿਚ ਆ ਕੇ ਬੇਰੁਜ਼ਗਾਰ ਅਧਿਆਪਕਾਂ ਨਾਲ ਵਾਅਦੇ ਕਰਦੇ ਸੀ ਕਿ ਸੱਤਾ ਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇਗੀ, ਪਰ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਭਰਤੀ ਪੂਰੀਆਂ ਕਰਨ ਲਈ ਕੋਈ ਵੀ ਪਹਿਲਕਦਮੀ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਬੇਰੁਜ਼ਗਾਰ ਅਧਿਆਪਕਾਂ ਨੇ ਫ਼ੈਸਲਾ ਕੀਤਾ ਕਿ ਸਰਕਾਰ ਨੂੰ ਵਾਅਦੇ ਯਾਦ ਕਰਾਉਣ ਲਈ 9 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋੋਠੀ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਜਰਨੈਲ ਨਾਗਰਾ, ਮਨੀ ਸੰਗਰੂਰ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਨਲਾਇਕੀਆਂ ਕਾਰਨ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ 6635 ਤੇ 2364 ਅਸਾਮੀਆਂ ਕੋਰਟ ਕੇਸ ਵਿੱਚ ਫਸੀਆਂ ਹੋਈਆਂ ਹਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੋਰਟ ‘ਚ ਭਰਤੀਆਂ ਨੂੰ ਬਾਹਰ ਕੱਢਣ ਲਈ ਕੋਈ ਵੀ ਪਹਿਲਕਦਮੀ ਨਹੀਂ ਕੀਤੀ ਜਾ ਰਹੀ।
ਉਨ੍ਹਾਂ ਕਿਹਾ ਕਿ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁੱਕਿਆ ਸੀ, ਪਰ ਉਸ ਦਾ ਹਾਲੇ ਤੱਕ ਆਨਲਾਈਨ ਪੋਰਟਲ ਵੀ ਨਹੀਂ ਖੋਲ੍ਹਿਆ ਗਿਆ। ਅਸੀਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਜਲਦੀ ਹੱਲ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।












