ਨਵੀਂ ਦਿੱਲੀ : – ਪੰਜਾਬ ਦੇ ਸਾਬਕਾ ਆਈਪੀਐਸ ਇਕਬਾਲ ਸਿੰਘ ਲਾਲਪੁਰਾ ਨੂੰ ਕੇਂਦਰ ਸਰਕਾਰ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਮੁੜ ਨਿਯੁਕਤ ਕੀਤਾ ਹੈ। ਰੋਪੜ ਦੇ ਪਿੰਡ ਲਾਲਪੁਰਾ ਦੇ ਵਸਨੀਕ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਬਣਾਉਣ ਲਈ ਕੇਂਦਰ ਸਰਕਾਰ ਨੇ ਭਾਰਤੀ ਗਜ਼ਟ ਵਿੱਚ ਨੋਟੀਫਿਕੇਸ਼ਨ ਵੀ ਛਾਪਿਆ ਹੈ। ਲਾਲਪੁਰਾ ਨੂੰ ਤਿੰਨ ਸਾਲਾਂ ਲਈ ਨਿਯੁਕਤ ਕੀਤਾ ਗਿਆ ਹੈ।
2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰ ਦੀ ਭਾਜਪਾ ਸਰਕਾਰ ਨੇ ਸਿੱਖ ਪੱਤਾ ਖੇਡਦੇ ਹੋਏ ਸਤੰਬਰ 2021 ਵਿੱਚ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਬਣਾ ਦਿੱਤਾ ਸੀ । ਲਾਲਪੁਰਾ ਨੂੰ ਚੋਣਾਂ ਵਿੱਚ ਆਨੰਦਪੁਰ ਸਾਹਿਬ ਤੋਂ ਪਾਰਟੀ ਟਿਕਟ ਮਿਲਣ ਕਾਰਨ ਉਨ੍ਹਾਂ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ ਲਾਲਪੁਰਾ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਮੁੜ ਕਮਿਸ਼ਨ ਦੀ ਪ੍ਰਧਾਨਗੀ ਸੌਂਪ ਦਿੱਤੀ ਹੈ। ਕੇਂਦਰ ਸਰਕਾਰ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸਿੱਖ ਵੋਟਰਾਂ ਨੂੰ ਲੁਭਾਉਣ ਲਈ ਲਾਲਪੁਰਾ ਦੀ ਨਿਯੁਕਤੀ ਕੀਤੀ ਹੈ।
ਭਾਰਤ ਸਰਕਾਰ ਨੇ ਗਜ਼ਟ ਵਿੱਚ ਨੋਟੀਫਿਕੇਸ਼ਨ ਜਾਰੀ ਕਰਕੇ ਦੇਸ਼ ਦੇ ਪੰਜ ਭਾਈਚਾਰਿਆਂ ਨੂੰ ਘੱਟ ਗਿਣਤੀ ਘੋਸ਼ਿਤ ਕੀਤਾ ਹੈ। ਇਨ੍ਹਾਂ ਵਿੱਚ ਸਿੱਖ, ਈਸਾਈ, ਬੋਧੀ, ਮੁਸਲਮਾਨ ਅਤੇ ਪਾਰਸੀ ਸ਼ਾਮਲ ਹਨ। ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਉਪ-ਚੇਅਰਮੈਨ ਵੀ ਇਨ੍ਹਾਂ ਭਾਈਚਾਰਿਆਂ ਵਿੱਚੋਂ ਹੀ ਬਣੇ ਹਨ। ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਲਾਲਪੁਰਾ ਨੂੰ ਪ੍ਰਧਾਨ ਸਿੱਖ ਭਾਈਚਾਰੇ ਵਿੱਚੋਂ ਬਣਾਇਆ ਗਿਆ ਹੈ, ਜੋ ਦੇਸ਼ ਦੀ ਆਬਾਦੀ ਦਾ ਦੋ ਫੀਸਦੀ ਹੈ।














