ਚੰਡੀਗੜ੍ਹ, 13 ਅਪ੍ਰੈਲ, 2022: ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਮਹਾਵੀਰ ਜਯੰਤੀ, ਵਿਸਾਖੀ ਅਤੇ ਅੰਬੇਡਕਰ ਜਯੰਤੀ ਦੀ ਪੂਰਵ ਸੰਧਿਆ ‘ਤੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਭਗਵਾਨ ਮਹਾਵੀਰ ਨੇ ਸਾਨੂੰ ਸ਼ਾਂਤੀ ਅਤੇ ਆਨੰਦ ਨਾਲ ਜੀਵਨ ਬਤੀਤ ਕਰਨ ਲਈ ਅਹਿੰਸਾ, ਸੱਚਾਈ ਅਤੇ ਧਾਰਮਿਕਤਾ ਦੇ ਸਿਧਾਂਤ ਸਿਖਾਏ ਹਨ। ਸ਼੍ਰੀ ਪੁਰੋਹਿਤ ਨੇ ਲੋਕਾਂ ਨੂੰ ਭਗਵਾਨ ਮਹਾਂਵੀਰ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ।
ਰਾਜਪਾਲ ਨੇ ਕਿਹਾ ਕਿ ਵਿਸਾਖੀ ਦਾ ਪੰਜਾਬ ਦੇ ਲੋਕਾਂ ਖਾਸ ਕਰਕੇ ਸਿੱਖ ਕੌਮ ਲਈ ਵਿਸ਼ੇਸ਼ ਮਹੱਤਵ ਹੈ ਕਿਉਂਕਿ ਇਸ ਦਿਨ ਖਾਲਸਾ ਪੰਥ ਦੀ ਸਾਜਨਾ ਕੀਤੀ ਗਈ ਸੀ। ਵਿਸਾਖੀ ਵਾਢੀ ਦੇ ਸੀਜ਼ਨ ਦੀ ਸ਼ੁਰੂਆਤ ਦਾ ਪ੍ਰਤੀਕ ਵੀ ਹੈ, ਜਦੋਂ ਕਿਸਾਨ ਆਪਣੀ ਸਖ਼ਤ ਮਿਹਨਤ ਨਾਲ ਉਗਾਈ ਫ਼ਸਲ ਵੱਢਦੇ ਹਨ। ਉਨ੍ਹਾਂ ਲੋਕਾਂ ਨੂੰ ਚੰਗੀ ਤੇ ਭਰਪੂਰ ਫ਼ਸਲ ਲਈ ਪਰਮਾਤਮਾ ਦਾ ਧੰਨਵਾਦ ਕਰਨ ਦੇ ਇਸ ਦਿਨ ਨੂੰ ਭਰਪੂਰ ਉਤਸ਼ਾਹ ਨਾਲ ਮਨਾਉਣ ਅਤੇ ਸੂਬੇ ਦੀ ਭਵਿੱਖੀ ਖੁਸ਼ਹਾਲੀ ਲਈ ਅਰਦਾਸ ਕਰਨ ਦੀ ਅਪੀਲ ਕੀਤੀ ।
ਰਾਜਪਾਲ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ 131ਵੀਂ ਜਯੰਤੀ ‘ਤੇ ਯਾਦ ਕੀਤਾ। ਉਨ੍ਹਾਂ ਕਿਹਾ, “ਡਾ. ਅੰਬੇਡਕਰ ਨੇ ਆਪਣਾ ਸਾਰਾ ਜੀਵਨ ਸਮਾਜਿਕ ਨਿਆਂ ਅਤੇ ਸਮਾਨਤਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਸਮਾਜ ਦੇ ਪੱਛੜੇ ਵਰਗਾਂ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਸਮਰਪਿਤ ਕੀਤਾ। ਮੈਂ ਲੋਕਾਂ ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਮਨੁੱਖਤਾ ਦੀ ਸੇਵਾ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦੀ ਅਪੀਲ ਕਰਦਾ ਹਾਂ।”












