-ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਨੇ ਭਾਰੀ ਬਹੁਮਤ ਦੇ ਕੇ ਜਿਤਾ ਦਿੱਤਾ ਹੈ ਤਾਂ ਪੰਜਾਬ ਦੇ ਫੈਸਲੇ ਉਹਨਾਂ ਨੂੰ ਲੈਣ ਦਿਓ
ਮੋਹਾਲੀ: ਕੇਜਰੀਵਾਲ ਸਾਹਿਬ ਆਪਣੇ ਰਿਮੋਟ ਕੰਟਰੋਲ ਨਾਲ ਪੰਜਾਬ ਨੂੰ ਚਲਾਉਣ ਦੀ ਕੋਸ਼ਿਸ਼ ਨਾ ਕਰੋ ਅਤੇ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਨੇ ਭਾਰੀ ਬਹੁਮਤ ਦੇ ਕੇ ਜਿਤਾ ਕੇ ਪੰਜਾਬ ਦੇ ਮੁੱਖ ਮੰਤਰੀ ਦਾ ਤਾਜ ਸਿਰ ‘ਤੇ ਰੱਖਿਆ ਹੈ, ਕਿਰਪਾ ਕਰਕੇ ਉਹਨੂੰ ਪੰਜਾਬ ਦੇ ਫੈਸਲੇ ਲੈਣ ਦਿਓ। ਕਿਉਂਕਿ ਉਹ ਪੰਜਾਬ ਦੀ ਮਿੱਟੀ ਨਾਲ ਸਬੰਧਤ ਹਨ, ਅਤੇ ਪੰਜਾਬ ਦੇ ਮਸਲਿਆਂ ਨੂੰ ਚੰਗੀ ਤਰ੍ਹਾਂ ਜਾਣਦਾ ਹਨ। ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਸੰਜੀਵ ਵਸ਼ਿਸ਼ਟ ਨੇ ਕਹੀ। ਵਸ਼ਿਸ਼ਟ ਨੇ ਕਿਹਾ ਕਿ ਹਾਲ ਹੀ ਵਿੱਚ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰਹਾਜ਼ਰੀ ਵਿੱਚ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ, ਜੋ ਸਰਾਸਰ ਗਲਤ ਹੈ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਸੁਨੇਹਾ ਜਾਂਦਾ ਹੈ ਕਿ ਹੁਣ ਪੰਜਾਬ ਦਿੱਲੀ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਭਗਵੰਤ ਮਾਨ ਨੂੰ ਪੰਜਾਬ ਦੇ ਮਸਲਿਆਂ ਦੇ ਹੱਲ ਲਈ ਫੈਸਲੇ ਲੈਣ ਦਾ ਅਧਿਕਾਰ ਦਿੱਤਾ ਜਾਵੇ।
ਭਗਵੰਤ ਮਾਨ ਨੂੰ ਅਪੀਲ, ਕਾਨੂੰਨ ਵਿਵਸਥਾ ਠੀਕ ਕਰੋ
ਸੰਜੀਵ ਵਸ਼ਿਸ਼ਟ ਦੀ ਤਰਫੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ। ਕਿਉਂਕਿ ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਭਰ ਵਿੱਚ ਦਰਜਨਾਂ ਕਤਲ ਹੋ ਚੁੱਕੇ ਹਨ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਵੀ ਜ਼ੋਰਾਂ ’ਤੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ ਨੂੰ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਗੰਭੀਰ ਹੋਣਾ ਚਾਹੀਦਾ ਹੈ, ਅਤੇ ਇਸ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਇਸ ਦੀ ਲੋੜ ਹੈ। ਸੁਰੱਖਿਆ ਦੀ ਜ਼ਿੰਮੇਵਾਰੀ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਹੈ।












