ਸਿੱਖ ਭਾਈਚਾਰਾ ਸੰਕਟ ਦੀ ਘੜੀ ਵਿੱਚ ਹਮੇਸ਼ਾ ਹੀ ਮਨੁੱਖਤਾ ਦੀ ਸੇਵਾ ਲਈ ਖੜ੍ਹਾ ਰਿਹਾ ਹੈ : ਅਰਜੁਨ ਮੁੰਡੇ
ਜਦੋਂ ਵੀ ਮਨੁੱਖਤਾ ‘ਤੇ ਸੰਕਟ ਆਇਆ ਤਾਂ ਸਭ ਤੋਂ ਪਹਿਲਾਂ ਦੁਖੀ ਲੋਕਾਂ ਦਾ ਸਾਥ ਦਿੱਤਾ ਸਿੱਖਾਂ ਨੇ : ਅਰਜੁਨ ਮੁੰਡੇ
ਚੰਡੀਗੜ੍ਹ : – ਕੇਂਦਰੀ ਮੰਤਰੀ ਅਰਜੁਨ ਮੁੰਡੇ ਨੇ ਅੱਜ ਚੰਡੀਗੜ੍ਹ ਸਥਿਤ ਗੁਰਦੁਆਰਾ ਪਾਤਸ਼ਾਹੀ 10ਵੀਂ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਅਰਜੁਨ ਮੁੰਡੇ ਦਾ ਗੁਰਦੁਆਰਾ ਸਾਹਿਬ ਪਹੁੰਚਣ ‘ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ |
ਪ੍ਰਬੰਧਕਾਂ ਵੱਲੋਂ ਕੇਂਦਰੀ ਮੰਤਰੀ ਨੂੰ ਗੁਰਦੁਆਰਾ ਸਾਹਿਬ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਸਿੱਖ ਇਤਿਹਾਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ।
ਇਸ ਮੌਕੇ ਅਰਜੁਨ ਮੁੰਡੇ ਨੇ ਕਿਹਾ ਕਿ ਸਿੱਖ ਭਾਈਚਾਰੇ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਮਨੁੱਖਤਾ ਦੀ ਕੀਤੀ ਸੇਵਾ ਦੀ ਸ਼ਬਦਾਂ ਵਿੱਚ ਸ਼ਲਾਘਾ ਕਰਨੀ ਬਹੁਤ ਔਖੀ ਹੈ। ਜਦੋਂ ਵੀ ਮਨੁੱਖਤਾ ‘ਤੇ ਕੋਈ ਸੰਕਟ ਆਉਂਦਾ ਹੈ, ਉਸ ਸਮੇਂ ਸਭ ਤੋਂ ਪਹਿਲਾਂ ਸਿੱਖ ਭਾਈਚਾਰਾ ਦੁਖੀ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਲਈ ਅੱਗੇ ਆਉਂਦਾ ਹੈ।
ਅੰਤ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਬਹਿਲ ਅਤੇ ਹੋਰ ਅਹੁਦੇਦਾਰਾਂ ਨੇ ਕੇਂਦਰੀ ਮੰਤਰੀ ਨੂੰ ਸਿਰੋਪਾਓ ਅਤੇ ਕਿਰਪਾਨ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ।












